ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵਾਤਾਵਰਣ ਸੰਭਾਲ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਪਟਿਆਲਾ, 28 ਅਕਤੂਬਰ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੰਡੋਰ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੇਖ ਰਚਨਾ, ਭਾਸ਼ਣ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ।
ਸੈਮੀਨਾਰ ਦੇ ਬੁਲਾਰੇ ਸਹਾਇਕ ਪ੍ਰੋਫੈਸਰ ਡਾ. ਹਰਦੀਪ ਸਿੰਘ ਸਭੀਖੀ, ਡਾ. ਰਚਨਾ ਸਿੰਗਲਾ ਅਤੇ ਡਾ. ਗੁਰਨਾਜ ਸਿੰਘ ਗਿੱਲ ਨੇ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਡਾ. ਗੁਰਨਾਜ ਸਿੰਘ ਨੇ ਗਿੱਲ ਨੇ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।
ਡਾ. ਹਰਦੀਪ ਸਿੰਘ ਸਭੀਖੀ ਨੇ ਮਧੂ-ਮੱਖੀ ਪਾਲਣ ਦੇ ਕਿੱਤੇ ਬਾਰੇ ਜਾਣਕਾਰੀ ਦਿੱਤੀ ਅਤੇ ਸ਼ਹਿਦ ਦੇ ਗੁਣਾਂ ਬਾਰੇ ਦੱਸਿਆ। ਡਾ. ਰਚਨਾ ਸਿੰਗਲਾ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕੇ.ਵੀ.ਕੇ ਵੱਲੋਂ ਇਨਾਮ ਵੀ ਤਕਸੀਮ ਕੀਤੇ ਗਏ। ਅੰਤ ਵਿਚ ਜਸਪਾਲ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।