ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ
ਪਟਿਆਲਾ, 25 ਅਗਸਤ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦਾ ਦੌਰਾ ਕਰਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਸਥਾਪਿਤ ਜ਼ਿਲ੍ਹਾ ਤੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਪ੍ਰਾਪਤੀ ਸਬੰਧੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਬਿਊਰੋ ਵਿਖੇ ਏ.ਸੀ. ਲਾਇਬਰੇਰੀ, ਕਲਾਸ ਰੂਮ, ਕਰੀਅਰ ਕਾਊਂਸਲਰ, ਇੰਟਰਨੈਟ, ਰੀਡਿੰਗ ਰੂਮ ਸਮੇਤ ਤਜਰਬੇਕਾਰ ਸਟਾਫ਼ ਮੌਜੂਦ ਹੈ ਅਤੇ ਬਿਊਰੋ ਵੱਲੋਂ ਸਮੇਂ ਸਮੇਂ ‘ਤੇ ਪਲੇਸਮੈਂਟ ਕੈਂਪ ਵੀ ਲਗਾਏ ਜਾਂਦੇ ਹਨ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਕਲਾਸਾਂ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ।
ਉਨ੍ਹਾਂ ਬਿਊਰੋ ਦੇ ਸਟਾਫ਼ ਨੂੰ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਤੇ ਨਾਲ ਨਾਲ ਸਵੈ ਰੋਜ਼ਗਾਰ ਸਬੰਧੀ ਵੀ ਜਾਣਕਾਰੀ ਦੇਣ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਸਵੈ ਰੋਜ਼ਗਾਰ ਲਈ ਕਰਵਾਈ ਜਾਂਦੀ ਟਰੇਨਿੰਗ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਟ੍ਰੇਨਿੰਗ ਉਪਰੰਤ ਰੋਜ਼ਗਾਰ ਸ਼ੁਰੂ ਕਰਨ ਲਈ ਵੀ ਮਦਦ ਕੀਤੀ ਜਾਵੇ ਅਤੇ ਬੈਂਕਾਂ ਨਾਲ ਰਾਬਤਾ ਕਰਵਾਕੇ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਦੇ ਲੋਨ ਕੇਸ ਕਰਵਾਉਣ ‘ਚ ਵੀ ਮਦਦ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਹਾਜ਼ਰ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਪਲੇਸਮੈਂਟ ਅਫਸਰ ਗੁਰਸ਼ਰਨ ਕੌਰ ਅਤੇ ਕਾਊਂਸਲਰ ਰੂਪਸੀ ਪਾਹੁਜਾ ਵੀ ਮੌਜੂਦ ਸਨ।