Punjab-Chandigarh

ਧਰਮਸੋਤ ਨੇ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ -ਫੋਨ ਮਿਲਣ ‘ਤੇ ਖੁਸ਼ ਹੋਏ ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ

ਪਟਿਆਲਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਤੋਂ ਇੱਕੋ ਸਮੇਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਹੈਡ ਕੁਆਰਟਰਾਂ ‘ਤੇ ਅਰੰਭ ਕੀਤੀ ਗਈ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 12ਵੀਂ ਜਮਾਤ ਦੇ 13962 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਰਵਾਈ। ਇਸ ਮੌਕੇ ਸ. ਧਰਮਸੋਤ ਨੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਹੋਰ ਸ਼ਖ਼ਸੀਅਤਾਂ ਦੀ ਹਾਜ਼ਰੀ ‘ਚ ਜ਼ਿਲ੍ਹੇ ਦੇ 15 ਵਿਦਿਆਰਥੀਆਂ ਨੂੰ ਰਸਮੀ ਤੌਰ ‘ਤੇ ਸਮਾਰਟ ਫੋਨ ਸੌਂਪੇ।


ਇਸ ਮੌਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਸੁਨੇਹਾ ਦਿੰਦਿਆਂ ਨੌਜਵਾਨਾਂ ਨੂੰ ਫੋਨ ਦਿੱਤੇ ਜਾਣ ਦੀ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਰਾਜ ਦੇ ਨੌਜਵਾਨਾਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਕਰਾਰ ਦਿੱਤਾ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਦੇ ਸੰਕਟ ਸਮੇਂ ਵੰਡੇ ਗਏ ਸਮਾਰਟ ਫੋਨ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ‘ਚ ਅੱਗੇ ਲਿਜਾਣ ਲਈ ਸਹਾਈ ਹੋਣਗੇ ਜਿਸ ਨਾਲ ਪੰਜਾਬ ਅਤੇ ਦੇਸ਼ ਦਾ ਭਵਿੱਖ ਸੰਵਰੇਗਾ।
ਮੁੱਖ ਮੰਤਰੀ ਵੱਲੋਂ ਜਨਮ ਅਸ਼ਟਮੀ ਅਤੇ ਕੌਮਾਂਤਰੀ ਯੁਵਕ ਦਿਵਸ ਮੌਕੇ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੀ ਸ਼ੁਰੂਆਤ ਕਰਨ ਦੀ ਵਧਾਈ ਦਿੰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਉਹ ਕਰ ਵਿਖਾਇਆ ਹੈ। ਕੋਵਿਡ ਸਮੇਂ ਜਦੋਂ ਰਾਜ ਦਾ ਮਾਲੀਆ ਘਟਣ ਕਾਰਨ ਖ਼ਰਚੇ ਵਧੇ, ਉਸ ਸਮੇਂ ਸੂਬੇ ਦੇ 1.74 ਲੱਖ ਵਿਦਿਆਰਥੀਆਂ ਨੂੰ ਕਰੀਬ 92 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਫੋਨ ਦੇਣ ਦੀ ਸਕੀਮ ਨੂੰ ਮੁੱਖ ਮੰਤਰੀ ਵੱਲੋਂ ਦਲੇਰੀ ਨਾਲ ਲਿਆ ਫੈਸਲਾ ਕਰਾਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਇਸ ਸਕੀਮ ਨਾਲ ਰਾਜ ਦੀ ਸਿੱਖਿਆ ਪ੍ਰਣਾਲੀ ‘ਚ ਇੱਕ ਨਵੀਂ ਕ੍ਰਾਂਤੀ ਆਵੇਗੀ, ਜਿਸ ਨਾਲ ਨਵਾਂ ਇਤਿਹਾਸ ਲਿਖਿਆ ਗਿਆ ਹੈ।
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜੇ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਵਾਲੀ ਸੋਚ ਸਦਕਾ ਬੱਚਿਆਂ ਦੀਆਂ ਉਮੀਦਾਂ ਪੂਰੀਆਂ ਹੋਈਆਂ ਹਨ ਅਤੇ ਕੋਵਿਡ ਸਮੇਂ ਜਦੋਂ ਆਨ ਲਾਇਨ ਕਲਾਸਾਂ ਲੱਗ ਰਹੀਆਂ ਹਨ ਤਾਂ ਉਸ ਵੇਲੇ ਬੱਚਿਆਂ ਨੂੰ ਮਿਲਿਆ ਇਹ ਸਮਾਰਟ ਫੋਨ ਉਨ੍ਹਾਂ ਦੀ ਪੜ੍ਹਾਈ ‘ਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬੱਚਿਆਂ ਨੂੰ ਦਿਮਾਗੀ ਅਤੇ ਸਰੀਰਕ ਤੌਰ ‘ਤੇ ਨਰੋਆ ਰੱਖਣ ਲਈ ਅਹਿਮ ਫੈਸਲੇ ਲਏ ਹਨ।
ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ‘ਚ ਸ. ਧਰਮਸੋਤ ਨੇ ਕਿਹਾ ਕਿ ਆਪਣੀ ਸਰਕਾਰ ਸਮੇਂ 10 ਸਾਲ ਪੰਜਾਬ ਨੂੰ ਲੁੱਟਣ, ਕੁੱਟਣ, ਪਿੱਛੇ ਧੱਕਣ ਅਤੇ ਨੌਜਵਾਨਾਂ ਨੂੰ ਨਸ਼ਿਆਂ ‘ਤੇ ਲਾਉਣ ਵਾਲੇ ਅਕਾਲੀ ਦਲ-ਭਾਜਪਾ ਗਠਜੋੜ ਦੇ ਆਗੂਆਂ ਨੂੰ ਕੈਪਟਨ ਸਰਕਾਰ ‘ਤੇ ਉਂਗਲ ਚੁੱਕਣ ਦਾ ਕੋਈ ਅਧਿਕਾਰ ਨਹੀਂ। ਸ. ਧਰਮਸੋਤ ਨੇ ਮੁੱਖ ਮੰਤਰੀ ਦੀ ਸਿਫ਼ਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਧਾਰਮਿਕ, ਰਾਜਸੀ ਮਸਲੇ ‘ਤੇ ਖ਼ਤਰਾ ਪੈਦਾ ਹੋਣ ਦੀ ਸੂਰਤ ‘ਚ ਐਮ.ਪੀ. ਤੇ ਮੰਤਰੀ ਪਦ ਤੋਂ ਅਸਤੀਫ਼ਾ ਦਿੱਤਾ ਅਤੇ ਪਾਣੀ ਦੇ ਮਸਲੇ ‘ਤੇ ਮੁੱਖ ਮੰਤਰੀ ਦੀ ਕੁਰਸੀ ਨੂੰ ਵੀ ਦਾਅ ‘ਤੇ ਲਾ ਦਿੱਤਾ।
ਇਸ ਮੌਕੇ ਫੋਨ ਹਾਸਲ ਕਰਨ ਵਾਲੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਮਨਮੀਤ ਕੌਰ, ਮਹਿਕਦੀਪ ਸਿੰਘ, ਜਤਿਨ ਸ਼ਰਮਾ, ਦੀਕਸ਼ਾ, ਮਹਿਕਦੀਪ ਕੌਰ, ਗੌਰਵਿਕਾ ਸ਼ਰਮਾ, ਸੁਖਜਿੰਦਰ ਸਿੰਘ, ਮਨਪ੍ਰੀਤ ਕੌਰ, ਹਰਮਨਜੋਤ ਕੌਰ, ਸਿਮੀ ਸ਼ਰਮਾ, ਅਰਸ਼ਦੀਪ ਕੌਰ, ਅਜੇ, ਜੂਲੀਅਸ, ਜਸਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਫੋਨ ਉਸ ਸਮੇਂ ਮਿਲੇ ਹਨ, ਜਦੋਂ ਉਨ੍ਹਾਂ ਦੀ ਆਨ ਲਾਇਨ ਪੜ੍ਹਾਈ ਜੋਰਾਂ ‘ਤੇ ਸੀ ਪਰੰਤੂ ਉਨ੍ਹਾਂ ਕੋਲ ਫੋਨ ਨਾ ਹੋਣ ਕਰਕੇ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਸਮਾਰੋਹ ਦੌਰਾਨ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ, ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ, ਸਨੌਰ ਦੇ ਇੰਚਾਰਜ ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸ੍ਰੀ ਅਨੁਜ ਖੋਸਲਾ ਸ਼ਾਮਲ ਸਨ।
ਇਸ ਮੌਕੇ ਮੰਡਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ, ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਹਰਿੰਦਰ ਕੌਰ ਸਮੇਤ ਸਕੂਲਾਂ ਦੇ ਪ੍ਰਿੰਸੀਪਲ ਤੇ ਵਿਦਿਆਰਥੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button