Punjab-Chandigarh

ਪੰਜਾਬ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁਲਤ ਕਰਨ ‘ਚ ਅਹਿਮ ਯੋਗਦਾਨ ਪਾਵੇਗੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ-ਬਲਬੀਰ ਸਿੰਘ ਸਿੱਧੂ

The Mirror Time |August 15, 2020

 Health 

ਪਟਿਆਲਾ(ਪੰਜਾਬ )
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਵਿਭਾਗ ਦੇ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ‘ਚ ਸਥਾਪਤ ਕੀਤੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ  ਖੇਡ ਯੂਨੀਵਰਸਿਟੀ ਰਾਜ ਅੰਦਰ ਖੇਡਾਂ ਦੇ ਸੱਭਿਆਚਾਰ ਨੂੰ ਪ੍ਰਫੁਲਤ ਕਰਨ ਸਮੇਤ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ ਵਿੱਚ ਸਿੱਖਿਆ ਨੂੰ ਵੱਡਾ ਹੁਲਾਰਾ ਦੇਵੇਗੀ।
ਸਿਹਤ ਮੰਤਰੀ ਸ. ਸਿੱਧੂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਮਗਰੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਕਾਂਸਟੀਚੁਐਂਟ ਕਾਲਜ, ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਕਾਲਜ ਫਾਰ ਫਿਜ਼ੀਕਲ ਐਜੂਕੇਸ਼ਨ ਵਿਖੇ 50 ਲੱਖ ਰੁਪਏ ਦੀ ਰਾਸ਼ੀ ਖ਼ਰਚ ਕਰਕੇ ਤਿਆਰ ਕੀਤੀ ਗਈ ਲਾਇਬਰੇਰੀ ਦੀ ਇਮਾਰਤ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਪੁੱਜੇ ਸਨ।                                                                        ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਟ ਜਨਰਲ (ਰਿਟਾ.) ਜੇ.ਐਸ. ਚੀਮਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਹਰਪਾਲ ਕੌਰ ਮੌਜੂਦ ਸਨ।


ਇਸ ਮੌਕੇ ਸਿਹਤ ਮੰਤਰੀ ਨੇ ਪੰਜਾਬ ਖੇਡ ਯੂਨੀਵਰਸਿਟੀ ਅਤੇ ਸਰੀਰਕ ਸਿੱਖਿਆ ਕਾਲਜ ਦੇ ਵਿਦਿਆਰਥੀਆਂ ਲਈ ਸਾਂਝੇ ਤੌਰ ‘ਤੇ ਤਿਆਰ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਤਹਿਤ ਮਲਟੀਪਰਪਜ ਜਿਮਨੇਜ਼ੀਅਮ ਹਾਲ ਦੇ 50 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਸ. ਸਿੱਧੂ ਨੇ ਦੱਸਿਆ ਕਿ ਇਹ ਜਿਮਨੇਜ਼ੀਅਮ ਹਾਲ ਅਗਲੇ ਤਿੰਨ ਮਹੀਨਿਆਂ ‘ਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ ਅਤੇ ਇੱਥੇ ਪੰਜਾਬ ਖੇਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਪੜ੍ਹਾਈ ਅਤੇ ਖੇਡਾਂ ਸਬੰਧੀਂ ਲੋੜਾਂ ਪੂਰੀਆਂ ਹੋਣ ਸਮੇਤ ਇਹ ਸਰੀਰਕ ਸਿੱਖਿਆ ਕਾਲਜ ਦੇ ਵਿਦਿਆਰਥੀਆਂ ਲਈ ਵੀ ਸਹਾਈ ਹੋਵੇਗਾ। ਇੱਥੇ ਯੋਗਾ ਸਮੇਤ ਹੋਰ ਖੇਡਾਂ ਲਈ ਵੀ ਮੁਢਲੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਇਸ ਮੌਕੇ ਹਲਕਾ ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਸ੍ਰੀ ਸੋਨੂ ਸੰਗਰ, ਸ੍ਰੀ ਨਰੇਸ਼ ਦੁੱਗਲ, ਸ੍ਰੀ ਵਿਜੇ ਕੂਕਾ, ਸ੍ਰੀ ਸੰਦੀਪ ਮਲਹੋਤਰਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਏ.ਡੀ.ਸੀ. ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਐਸ.ਐਲ. ਗਰਗ, ਕਾਲਜ ਦੇ ਪ੍ਰਿੰਸੀਪਲ ਡਾ. ਹਰਪਾਲ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਟ ਜਨਰਲ (ਰਿਟਾ.) ਜੇ.ਐਸ. ਚੀਮਾ ਨੇ ਦੱਸਿਆ ਕਿ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਨੂੰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਆਫ਼ ਪੰਜਾਬ ਦਾ ਕਾਂਸਟੀਚੂਐਂਟ ਕਾਲਜ ਬਣਾਇਆ ਗਿਆ ਹੈ, ਜਿਸ ਲਈ, ਸਪੋਰਟਸ ਯੂਨੀਵਰਸਿਟੀ ਦੇ ਆਪਣੇ ਕੈਂਪਸ ਦੀ ਉਸਾਰੀ ਹੋਣ ਤੱਕ ਇਸ ਕਾਲਜ ਵਿਖੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਪ੍ਰੈਕਟੀਕਲ ਕਲਾਸਾਂ ਇੱਥੇ ਲੱਗਣਗੀਆਂ।
ਵੀ.ਸੀ. ਜੇ.ਐਸ. ਚੀਮਾ ਨੇ ਦੱਸਿਆ ਕਿ ਪੰਜਾਬ ਖੇਡ ਯੂਨੀਵਰਸਿਟੀ ਦਾ ਆਪਣਾ ਕੈਂਪਸ ਸਿੱਧੂਵਾਲ ਵਿਖੇ ਕਰੀਬ 100 ਏਕੜ ‘ਚ ਤਿਆਰ ਕੀਤਾ ਜਾਵੇਗਾ, ਜਿਸ ਲਈ ਮੁਢਲੀਆਂ ਤਜਵੀਜਾਂ ਤਿਆਰ ਹੋ ਗਈਆਂ ਹਨ ਅਤੇ ਅਗਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਵੱਲੋਂ ਇਸਦਾ ਉਸਾਰੀ ਕਾਰਜ ਸ਼ੁਰੂ ਕਰਵਾਇਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button