ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਈਆਂ ਪੁਸਤਕ ਪ੍ਰਦਰਸ਼ਨੀਆਂ
ਪਟਿਆਲਾ, 22 ਸਤੰਬਰ:
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਪਟਿਆਲਾ ਤੇ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਭਵਨ ਵਿਖੇ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਆਮ ਲੋਕਾਂ ਸਮੇਤ ਵੱਡੀ ਗਿਣਤੀ ਵਿਦਿਆਰਥੀ ਵੀ ਸ਼ਮੂਲੀਅਤ ਕਰ ਰਹੇ ਹਨ।
28 ਸਤੰਬਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣ ਵਾਲੀਆਂ ਇਨ੍ਹਾਂ ਪੁਸਤਕ ਪ੍ਰਦਰਸ਼ਨੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਵੱਖ ਵੱਖ ਸਮਾਗਮ ਉਲੀਕੇ ਜਾ ਰਹੇ ਹਨ ਤੇ ਇਸ ਲੜੀ ਤਹਿਤ ਲੋਕਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਦੋ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਸਕੂਲੀ ਵਿਦਿਆਰਥੀਆਂ ਸਮੇਤ ਆਮ ਲੋਕ ਵੀ ਸ਼ਾਮਲ ਹੋ ਰਹੇ ਹਨ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਨ੍ਹਾਂ ਪੁਸਤਕ ਪ੍ਰਦਰਸ਼ਨੀਆਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਤੋਂ ਜਾਣੂ ਹੋਣ ਲਈ ਪਰਿਵਾਰਾਂ ਸਮੇਤ ਪੁਸਤਕ ਪ੍ਰਦਰਸ਼ਨੀਆਂ ਵਿੱਚ ਸ਼ਿਰਕਤ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਭਵਨ ਸ਼ੇਰਾਂਵਾਲਾ ਗੇਟ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਹੈ, ਜਿਸ ਵਿੱਚ ਭਾਸ਼ਾ ਵਿਭਾਗ ਦੀ ਪੁਸਤਕਾਂ ਤੋਂ ਇਲਾਵਾ ਟੈਕਸਟ ਬੁੱਕ ਬੋਰਡ ਦੀਆਂ ਕਿਤਾਬਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੰਯੁਕਤ ਡਾਇਰੈਕਟਰ ਵੀਰਪਾਲ ਕੌਰ ਤੇ ਸਹਾਇਕ ਡਾਇਰੈਕਟਰ ਸਤਨਾਮ ਸਿੰਘ ਦੇ ਸਹਿਯੋਗ ਨਾਲ ਲਗਾਈ ਪੁਸਤਕ ਪ੍ਰਦਰਸ਼ਨੀ ਵਿੱਚ ਅੱਜ ਸਰਕਾਰੀ ਹਾਈ ਸਕੂਲ ਅਨਾਰਦਾਨਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਸਕੂਲ ਦੇ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਆਮ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ ਹੈ।
ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਵਿਖੇ ਲੱਗੀ ਪੁਸਤਕ ਪ੍ਰਦਰਸ਼ਨੀ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਲਾਇਬਰੇਰੀਅਨ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਅੱਜ ਸਟੇਟ ਲਾਇਬਰੇਰੀ ਵਿਖੇ ਲੱਗੀ ਪੁਸਤਕ ਪ੍ਰਦਰਸ਼ਨੀ ਵਿੱਚ ਐਸ.ਡੀ.ਕੇ.ਐਸ. ਸਕੁੰਤਲਾ ਗਰਲਜ਼ ਸੈਕੰਡਰੀ ਸਕੂਲ ਤੇ ਸਰਕਾਰੀ ਸਮਾਰਟ ਹਾਈ ਸਕੂਲ ਸਨੌਰੀ ਗੇਟ ਦੇ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਲਾਇਬਰੇਰੀ ਦਾ ਦੌਰਾ ਵੀ ਕੀਤਾ ਗਿਆ।