Punjab-Chandigarh

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਨੇ ਕੋਰੋਨਾ ਖ਼ਿਲਾਫ਼ ਚਲਾਈ ਜਾਗਰੂਕਤਾ ਮੁਹਿੰਮ

ਪਟਿਆਲਾ,(ਪੰਜਾਬ)
ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦੇ ਅਧਿਆਪਕਾਂ ਅਤੇ ਦਫ਼ਤਰੀ ਅਮਲੇ ਵੱਲੋਂ 10 ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸਾਂਝ ਕੇਂਦਰ ਸਦਰ ਥਾਣਾ ਪਟਿਆਲਾ ਅਤੇ ਆਰਕੀਟੈਕਚਰ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ‘ਚ ਮਿਸ਼ਨ ਫ਼ਤਿਹ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਗਈ। ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ‘ਚ ਜ਼ਿਲ੍ਹੇ ਦੀਆਂ ਸਮੂਹ ਤਕਨੀਕੀ ਸਿੱਖਿਆ ਸੰਸਥਾਵਾਂ ਵੱਲੋਂ ਵੱਖ-ਵੱਖ ਟੀਮਾਂ ਬਣਾਕੇ ਜਾਗਰੂਕਤਾ ਪੈਦਾ ਕੀਤੀ ਗਈ ਅਤੇ ਕੋਵਾ ਐਪ ਡਾਊਨਲੋਡ ਕਰਨ ਲਈ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ।


ਇਸ ਮੌਕੇ ਆਰਕੀਟੈਕਚਰ ਐਸੋਸੀਏਸ਼ਨ ਪੰਜਾਬ ਦੇ ਸਕੱਤਰ ਰਾਜਿੰਦਰ ਸਿੰਘ ਸੰਧੂ, ਸਦਰ ਸਾਂਝ ਕੇਂਦਰ ਪਟਿਆਲਾ ਦੇ ਇੰਚਾਰਜ ਨਰਿੰਦਰਪਾਲ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਪਟਿਆਲਾ ਸ਼ਹਿਰ ਦੇ ਲੇਬਰ ਚੌਕਾਂ ਅਤੇ ਟਰੱਕ ਯੂਨੀਅਨ ਵਿਖੇ ਜਿੱਥੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਉਥੇ ਮਾਸਕ ਵੀ ਵੰਡੇ ਗਏ।
ਕਾਲਜ ਦੇ ਮਿਸ਼ਨ ਫ਼ਤਿਹ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਕਾਲਜ ਦੇ ਸਮੂਹ ਸਟਾਫ਼ ਵੱਲੋਂ ਰਾਜਪੁਰਾ, ਘਨੌਰ, ਦੇਵੀਗੜ੍ਹ, ਭਾਦਸੋਂ, ਸਮਾਣਾ ਦੇ ਪਿੰਡਾਂ ‘ਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਦਾ ਸੁਨੇਹਾ ਦੇਣ ਲਈ ਘਰਾਂ ਦੁਕਾਨਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਪ੍ਰਚਾਰ ਸਮਗਰੀ ਵੰਡੀ ਗਈ।
ਇਸ ਦੌਰਾਨ ਹੀ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਅਤੇ ਮੈਡਮ ਬਲਜੀਤ ਕੌਰ ਹੁੰਦਲ ਦੀ ਟੀਮ ਵੱਲੋਂ ਅਰਬਨ ਅਸਟੇਟ ਲੇਬਰ ਚੌਕ, ਬਾਈਪਾਸ ਦੀਆਂ ਬੱਤੀਆਂ, ਟਰੱਕ ਯੂਨੀਅਨ ਦੀਆਂ ਟਰੈਫ਼ਿਕ ਲਾਈਟਾਂ ਉਪਰ ਬਿਨਾਂ ਮਾਸਕ ਤੋਂ ਜਾ ਰਹੇ ਵਿਅਕਤੀਆਂ ਨੂੰ ਮਾਸਕ ਪਹਿਨਾਏ ਗਏ।
ਪ੍ਰੋ. ਅਨਟਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਕੋਰੋਨਾ ਮਹਾਂਮਾਰੀ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਰਾਸ਼ਟਰੀ ਸੇਵਾ ਯੋਜਨਾ ਵਿੰਗ ਵੱਲੋਂ ਸਲੋਗਨ ਅਤੇ ਪੋਸਟਰ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ 500 ਤੋਂ ਵਧੇਰੇ ਵਿਦਿਆਰਥੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੀ ਵੈਬਸਾਈਟ ਦਾਖਲੇ ਦੇ ਬੈਨਰਾਂ ਅਤੇ ਪੋਸਟਰਾਂ ਰਾਹੀਂ ਵੀ ਮਿਸ਼ਨ ਫ਼ਤਿਹ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button