ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਨੇ ਖੇਡਾਂ ਵਤਨ ਪੰਜਾਬ ਦੀਆਂ ਲਈ ਰਜਿਸਟ੍ਰੇਸ਼ਨ ਹੈਲਪ ਡੈਸਕ ਲਗਾਇਆ
ਪਟਿਆਲਾ, 24 ਅਗਸਤ:
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਲਈ ਰਜਿਸਟ੍ਰੇਸ਼ਨ ਹੈਲਪ ਡੈਸਕ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਖੇਡ ਪ੍ਰਤਿਭਾ ਨੂੰ ਪਛਾਨਣ, ਭਾਈਚਾਰਕ ਏਕਤਾ ਵਧਾਉਣ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ, ਪ੍ਰਸੰਨਚਿਤ ਤੇ ਰੰਗਲਾ ਪੰਜਾਬ ਸਿਰਜਣ ਦੀ ਮੁਹਿੰਮ ਤਹਿਤ 29 ਅਗਸਤ ਨੂੰ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ।
ਪ੍ਰਿੰਸੀਪਲ ਨੇ ਦੱਸਿਆ ਕਿ ਡਾਇਰੈਕਟਰ, ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਿਕਰਮ ਕਾਲਜ ਵਿਖੇ ਵੀ ‘ਖੇਡਾਂ ਵਤਨ ਪੰਜਾਬ’ ਦੀਆਂ ਲਈ ਰਜਿਸਟ੍ਰੇਸ਼ਨ ਵਾਸਤੇ ਕਾਲਜ ਦੇ ਮਲਟੀਪਰਪਜ਼ ਹਾਲ ਵਿਚ ਹੈਲਪ ਡੈਸਕ ਲਗਾਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਡਾ. ਕੁਸਮ ਲਤਾ ਨੇ ਦੱਸਿਆ ਕਿ ਕਾਲਜ ਵਿਚ ਸਰੀਰਕ ਸਿੱਖਿਆ ਦਾ ਵਿਸ਼ਾ ਨਾ ਹੋਣ ਦੇ ਬਾਵਜੂਦ ਵੀ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਪ੍ਰਤੀ ਬਹੁਤ ਉਤਸ਼ਾਹ ਦਿਖਾਇਆ ਅਤੇ ਪ੍ਰੋਗਰਾਮ ਵਿਚ ਵੱਧ ਚੜ੍ਹਕੇ ਭਾਗ ਲਿਆ। ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ ਦੇ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਮੁਕਾਬਲਿਆਂ ਵਾਸਤੇ ਆਪਣੀ ਰਜਿਸਟ੍ਰੇਸ਼ਨ ਕਰਵਾਈ।
ਵਿਦਿਆਰਥੀਆਂ ਨੂੰ ਇਸ ਖੇਡ ਮੇਲੇ ਵਿਚ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਕੇ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਪ੍ਰਿੰਸੀਪਲ ਨੇ ਕਿਹਾ ਕਿ ਪੰਜਾਬ ਸੂਬੇ ਵਿਚੋਂ ਖੇਡਾਂ ਰਾਹੀਂ ਨੌਜਵਾਨਾਂ ਨੂੰ ਚੰਗੀ ਸੇਧ ਦਿੰਦੇ ਹੋਏ ਨਸ਼ੇ ਵਰਗੇ ਕੋਹੜ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿੱਖ ਇਨ੍ਹਾਂ ਖੇਡਾਂ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਰ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਇਸ ਵੱਲੋਂ ਕਾਲਜ ਵਿਚ ਢੁੱਕਵੀਆਂ ਥਾਵਾਂ ਤੇ ਖੇਡ ਮੇਲੇ ਸਬੰਧੀ ਪੋਸਟਰ ਵੀ ਲਗਵਾਏ ਗਏ ਹਨ।