Punjab-ChandigarhTop News

ਮਾਨ ਸਰਕਾਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 30 ਜੁਲਾਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਮੀਂਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ ‘ਤੇ ਸੂਬੇ ਵਿੱਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਦੇ ਸਨਮੁਖ ਪਸ਼ੂ ਧਨ ਦੀ ਰਾਖੀ ਤੇ ਸਾਂਭ-ਸੰਭਾਲ ਲਈ ਰਾਜ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਹੜ੍ਹਾਂ ਸਬੰਧੀ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2217083 ਹਫ਼ਤੇ ਦੇ ਸੱਤ ਦਿਨ ਸਵੇਰੇ 9:00 ਤੋਂ ਰਾਤ 9:00 ਵਜੇ ਤੱਕ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਦੀ ਸਿੱਧੇ ਤੌਰ ‘ਤੇ ਨਿਗਰਾਨੀ ਲਈ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ (ਵਿਕਾਸ ਤੇ ਯੋਜਨਾ) ਨੂੰ ਪਾਬੰਦ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਵੀ ਇਕ-ਇੱਕ ਕੰਟਰੋਲ ਰੂਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੀ ਅਗਵਾਈ ਹੇਠ ਸਥਾਪਤ ਕੀਤਾ ਗਿਆ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦੀ ਕੀਤੀ ਜਾਵੇ ਅਤੇ ਸੰਭਾਵੀ ਹੜ੍ਹਾਂ ਸਬੰਧੀ ਹਰ ਸਥਿਤੀ ‘ਤੇ ਕਰੜੀ ਨਜ਼ਰ ਰੱਖੀ ਜਾਵੇ।

ਪਸ਼ੂ ਪਾਲਣ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਭਾਵੀ ਹੜ੍ਹਾਂ ਦੌਰਾਨ ਪਸ਼ੂਆਂ ਵਿੱਚ ਕਿਸੇ ਬੀਮਾਰੀ ਦੇ ਫੈਲਣ ਬਾਰੇ ਜਾਣਕਾਰੀ ਦੇਣ ਲਈ ਜੁਆਇੰਟ ਡਾਇਰੈਕਟਰ ਉੱਤਰ ਖੇਤਰੀ ਰੋਗ ਨਿਵਾਰਨ ਲੈਬਾਰਟਰੀ (ਐਨ.ਆਰ.ਡੀ.ਡੀ.ਐਲ) ਜਲੰਧਰ ਵਿਖੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-2242335 ‘ਤੇ ਤੁਰੰਤ ਸੰਪਰਕ ਕੀਤਾ ਜਾਵੇ।

ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਡਾ. ਸੁਭਾਸ਼ ਚੰਦਰ ਨਾਲ ਮੀਟਿੰਗ ਦੌਰਾਨ ਕਿਹਾ ਕਿ ਵਿਭਾਗ ਵੱਲੋਂ ਪਸ਼ੂਆਂ ਨੂੰ ਗਲ-ਘੋਟੂ ਰੋਗ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਐਚ.ਐਸ. ਵੈਕਸੀਨ ਟੀਕਾਕਰਨ ਮੁਹਿੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।

ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੀਨੀਅਰ ਵੈਟਰਨਰੀ ਅਫ਼ਸਰਾਂ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਟੀਮਾਂ ਗਠਤ ਕੀਤੀਆਂ ਗਈਆਂ ਹਨ ਅਤੇ ਤਹਿਸੀਲ ਪੱਧਰ ਦੇ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਲੋੜ ਪੈਣ ‘ਤੇ ਵੈਟਰਨਰੀ ਮੈਡੀਕਲ ਸਟੋਰ ਜਲੰਧਰ ਤੋਂ ਦਵਾਈਆਂ ਤੁਰੰਤ ਮੰਗਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਦੇ ਖੇਤਰਾਂ ਵਿੱਚ ਪਸ਼ੂਆਂ ਲਈ ਹਰੇ ਚਾਰੇ ਅਤੇ ਖ਼ੁਰਾਕ ਦੀ ਉਪਲਬਤਾ ਦੀ ਅਗਾਊਂ ਨਿਸ਼ਾਨਦੇਹੀ ਕੀਤੀ ਗਈ ਹੈ ਤਾਂ ਜੋ ਲੋੜ ਪੈਣ ‘ਤੇ ਪਸ਼ੂਆਂ ਨੂੰ ਲੋੜੀਂਦੀ ਖ਼ੁਰਾਕ ਮੁਹੱਈਆ ਕਰਵਾਈ ਜਾ ਸਕੇ। ਸਰਕਾਰੀ ਗੱਡੀਆਂ/ਮੋਬਾਈਲ ਸੈਨਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਹਨ ਅਤੇ ਵਿਭਾਗੀ ਸਟਾਫ਼ ਨੂੰ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਰਟਰ ਨਾ ਛੱਡਣ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੁਸ਼ਕਲ ਸਮੇਂ ਤੁਰੰਤ ਮੁੱਖ ਦਫ਼ਤਰ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਵਿਭਾਗ ਦੇ ਅਧਿਕਾਰੀ ਨਿਸ਼ਕਾਮ ਸੇਵਾ ਸੰਮਤੀਆਂ/ਗ਼ੈਰ ਸਰਕਾਰੀ ਸੰਗਠਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਨਿਰੰਤਰ ਤਾਲਮੇਲ ਰੱਖ ਰਹੇ ਹਨ ਤਾਂ ਜੋ ਉਹ ਸੰਭਾਵੀ ਹੜ੍ਹਾਂ ਦੀ ਸਥਿਤੀ ਵਿੱਚ ਬਤੌਰ ਵਲੰਟੀਅਰ ਵਿਭਾਗ ਨਾਲ ਕੰਮ ਕਰ ਸਕਣ।     

Spread the love

Leave a Reply

Your email address will not be published. Required fields are marked *

Back to top button