ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਪੀ.ਏ.ਯੂ ਅਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਲਿਆ ਅਹਿਦ
ਪਟਿਆਲਾ, 30 ਅਗਸਤ:
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਵੱਖ-ਵੱਖ ਖੇਤਰਾਂ ਵਿੱਚ ਯੋਗਤਾ ਪ੍ਰਾਪਤ ਅਲੂਮਨੀ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਦੀ ਪਹਿਲੀ ਮੀਟਿੰਗ ਖੇਤੀਬਾੜੀ ਵਿਭਾਗ ਦੇ ਦਫ਼ਤਰ ਵਿਖੇ ਹੋਈ, ਜਿਸ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਸਮੂਹ ਅਧਿਕਾਰੀਆਂ ਅਤੇ ਮੈਂਬਰਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਸੌਂਹ ਚੁਕਾਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਣ ਦੀ ਸ਼ੁੱਧਤਾ ਲਈ ਸੁਹਿਰਦ ਹੋਣਾ ਸਮੇਂ ਦੀ ਲੋੜ ਹੈ ਤੇ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਦਾ ਇਸ ਦੇ ਨਤੀਜੇ ਘਾਤਕ ਸਿੱਧ ਹੋਣਗੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਵੀਂਆਂ ਤਕਨੀਕਾਂ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਾਅ ਹੁੰਦਾ ਹੈ ਉਥੇ ਹੀ ਅਗਲੀ ਫਸਲ ਦੇ ਝਾੜ ‘ਚ ਵੀ ਵਾਧਾ ਹੁੰਦਾ ਹੈ।
ਮੀਟਿੰਗ ਦੌਰਾਨ ਵੱਖ-ਵੱਖ ਕਿੱਤਿਆਂ ਨਾਲ ਸਬੰਧਿਤ ਮੈਂਬਰਾਂ ਨੇ ਖੇਤੀਬਾੜੀ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਕੱਢਣ ਲਈ ਅਤੇ ਸਮਾਜ ਨੂੰ ਚੰਗੀ ਸੇਧ ਦੇਣ ਲਈ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੀ ਪ੍ਰਧਾਨਗੀ ਡਾ. ਅਲਾਰੰਗ ਨੇ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕਿਸਾਨ ਕੇਂਦਰ ਮਹਿਰਾਜ ਦੇ ਸਾਬਕਾ ਡਾਇਰੈਕਟਰ ਬਲਵਿੰਦਰ ਸਿੰਘ ਗਿੱਲ ਸ਼ਾਮਲ ਹੋਏ।
ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਪਵਨ ਸ਼ਰਮਾ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਦੱਸਿਆ ਕਿ ਅਜਿਹਾ ਕਰਨ ਨਾਲ ਜ਼ਮੀਨ ਵਿੱਚ ਮੌਜੂਦ ਤੱਤਾਂ ਦੀ ਘਾਟ ਹੁੰਦੀ ਹੈ ਅਤੇ ਫ਼ਸਲਾਂ ਦੇ ਮਿੱਤਰ ਕੀੜੇ ਨੁਕਸਾਨੇ ਜਾਂਦੇ ਹਨ। ਇਸ ਮੀਟਿੰਗ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਾਟਨੀ ਵਿਭਾਗ ਦੇ ਮੁਖੀ ਡਾ. ਮਨੀਸ਼ ਕਪੂਰ ਨੇ ਪਰਾਲੀ ਨੂੰ ਅੱਗ ਲੱਗਣ ਨਾਲ ਦਰੱਖਤਾਂ, ਫੁੱਲਾਂ ਅਤੇ ਫਲ਼ਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ।
ਇਸ ਮੀਟਿੰਗ ਵਿੱਚ ਡਾ. ਸਵਰਨ ਸਿੰਘ ਮਾਨ, ਜਰਨੈਲ ਸਿੰਘ ਘੁਮਾਣ , ਅਸ਼ੋਕ ਰੌਣੀ, ਦਲਜਿੰਦਰ ਸਿੰਘ, ਭਰਪੂਰ ਸਿੰਘ, ਅਮਰਜੀਤ ਸਿੰਘ, ਜਸਦੇਵ ਇੰਦਰ ਮਾਨ, ਸੰਦੀਪ ਭਾਰਦਵਾਜ, ਬਲਬੀਰ ਸਿੰਘ ਚਹਿਲ, ਵਿਜੈ ਕੁਮਾਰ, ਕੁਲਜੀਤ ਸਿੰਘ ਸ਼ੇਰਗਿੱਲ, ਪਵਨ ਕੁਮਾਰ ਸ਼ਰਮਾ, ਸੁਖਵੀਰ ਸਿੰਘ, ਰਸ਼ਪਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ, ਕੁਲਵੰਤ ਸਿੰਘ ਵਿਰਕ ਤੇ ਸੁਖਚਰਨਜੀਤ ਸਿੰਘ ਮੌਜੂਦ ਸਨ।