ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Shiv Kumar:
ਪਟਿਆਲਾ, 7 ਦਸੰਬਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿੰਜਲ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਲੇਖ ਰਚਨਾ, ਨਾਅਰਾ ਰਚਨਾ, ਭਾਸ਼ਣ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ।
ਸੈਮੀਨਾਰ ਦੇ ਅਰੰਭ ਵਿਚ ਸਕੂਲ ਦੇ ਇੰਚਾਰਜ ਸ੍ਰੀ ਨਰਿੰਦਰ ਕੁਮਾਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਤੋ ਪਹੁੰਚੇ ਮਾਹਿਰਾਂ ਦਾ ਸਵਾਗਤ ਕਰਦੇ ਹੋਏ, ਪਰਾਲੀ ਦੀ ਸੰਭਾਲ ਅਤੇ ਵਿਗੜ ਰਹੇ ਵਾਤਾਵਰਨ ਦੀ ਸਮੱਸਿਆ ਦੇ ਹੱਲ ਲਈ ਸਭ ਨੂੰ ਪ੍ਰੇਰਿਤ ਕੀਤਾ। ਡਾ ਗੁਰਉਪਦੇਸ਼ ਕੌਰ, ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਬੱਚਿਆ ਨੂੰ ਵਾਤਾਵਰਨ ਸੰਭਾਲ ਲਈ ਉਤਸ਼ਾਹਿਤ ਕੀਤਾ। ਡਾ. ਰਚਨਾ ਸਿੰਗਲਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਡਾ ਗੁਰਨਾਜ ਸਿੰਘ ਗਿੱਲ, ਸਹਾਇਕ ਪ੍ਰੋਫੈਸਰ (ਭੋਜਨ ਪ੍ਰੋਸੈਸਿੰਗ) ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਵਰਤੀ ਜਾਂਦੀ ਮਸ਼ੀਨਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਦਾ ਸੰਚਾਲਨ ਸ੍ਰੀ ਮਨਪ੍ਰੀਤ ਕੌਰ, ਵੋਕੇਸ਼ਨਲ ਅਧਿਆਪਕਾਂ ਵੱਲੋਂ ਬਾਖ਼ੂਬੀ ਕੀਤਾ ਗਿਆ। ਇਸ ਸੈਮੀਨਾਰ ਦਾ ਆਯੋਜਨ ਡਾ. ਵਿਪਨ ਕੁਮਾਰ ਰਾਮਪਾਲ, ਸਹਾਇਕ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ ਪਟਿਆਲਾ ਅਤੇ ਪ੍ਰਿੰਸੀਪਲ ਡਾ. ਸੰਤੋਸ਼ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸ਼੍ਰੀ ਜਸਬੀਰ ਸਿੰਘ ਮੈਂਬਰ ਬਲਾਕ ਸੰਮਤੀ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।