ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਰੋੜਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 15 ਸਤੰਬਰ:
ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰੋੜਗੜ੍ਹ ਬਲਾਕ ਪਟਿਆਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਸਬੰਧੀ ਵੱਖ-ਵੱਖ ਮਸ਼ੀਨਰੀ ਦੀ ਵਰਤੋਂ ਦੇ ਤਕਨੀਕੀ ਨੁਕਤੇ ਸਾਂਝੇ ਕੀਤੇ। ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਾਂਹਵਧੂ ਕਿਸਾਨ ਬੁੱਧ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਦਾ ਤਜਰਬਾ ਸਾਂਝਾ ਕੀਤਾ ਅਤੇ ਕਿਹਾ ਕਿ ਉਹ ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਵਧੀਆ ਪੈਦਾਵਾਰ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨ ਪਰਾਲੀ ਦਾ ਸਹੀ ਪ੍ਰਬੰਧਨ ਕਰਨ ਲਈ ਇਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਵਾਤਾਵਰਣ ਨੂੰ ਕੋਈ ਨੁਕਸਾਨ ਨਹੀਂ ਹੁੰਦਾ ਤੇ ਜਮੀਨ ਦੀ ਉਪਜਾਊ ਸ਼ਕਤੀ ਤੇ ਮਿੱਤਰ ਕੀੜੇ ਵੀ ਸੁਰੱਖਿਅਤ ਰਹਿੰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਸਹਿਕਾਰੀ ਸਭਾ ਰੋੜਗੜ੍ਹ ਦੇ ਸੈਕਟਰੀ ਕੁਲਵੰਤ ਸਿੰਘ ਪਿੰਡ ਦੇ ਸਰਪੰਚ ਸੁਰਜੀਤ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ ਅਤੇ ਖੇਤੀਬਾੜੀ ਉਪ ਨਿਰੀਖਕ ਹਰਪਾਲ ਸਿੰਘ ਅਤੇ ਕਮਲਦੀਪ ਸਿੰਘ ਹਾਜ਼ਰ ਸਨ।