ਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਦੀ ਬਿਮਾਰੀ ਕਾਰਨ ਮ੍ਰਿਤਕਾਂ ਦੇ ਕਾਨੂੰਨੀ ਵਾਰਸਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਪ੍ਰਕ੍ਰਿਆ ਦਾ ਜਾਇਜ਼ਾ
Shiv Kumar:
ਪਟਿਆਲਾ, 5 ਦਸੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਵਿਡ-19 ਦੀ ਬਿਮਾਰੀ ਕਾਰਨ ਮ੍ਰਿਤਕਾਂ ਦੇ ਕਾਨੂੰਨੀ ਵਾਰਸਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਸਬੰਧੀ ਅੱਜ ਇੱਥੇ ਇੱਕ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਤੋਂ ਸੁਰੱਖਿਆ ਲਈ ਇਹਤਿਆਤ ਵਜੋਂ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਵਾਏ ਜਾਣ ਸਮੇਤ ਸੈਂਪਲਿੰਗ ਵਧਾਈ ਜਾਵੇ ਅਤੇ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਲਗਾਉਣ ‘ਚ ਤੇਜੀ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਕੋਵਿਡ-19 ਮਹਾਂਮਾਰੀ ਕਰਕੇ 1361 ਮੌਤਾਂ ਹੋਈਆਂ ਸਨ, ਜਿਨ੍ਹਾਂ ਵਿੱਚੋਂ 170 ਮ੍ਰਿਤਕਾਂ ਦੇ ਕਾਨੂੰਨੀ ਵਾਰਸਾਂ ਦੇ ਅਜੇ ਤੱਕ ਆਪਣੇ ਅਰਜ਼ੀ ਫਾਰਮ ਪ੍ਰਾਪਤ ਹੋਏ ਹਨ, ਜਿਨ੍ਹਾਂ ‘ਤੇ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਕੋਵਿਡ-19 ਦੇ ਮ੍ਰਿਤਕਾਂ ਦੇ ਕਾਨੂੰਨੀ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਵਿੱਤੀ ਸਹਾਇਤਾ ਦੇ ਅਰਜ਼ੀ ਫਾਰਮਾਂ ਨੂੰ ਨਿਪਟਾਉਣ ‘ਚ ਤੇਜੀ ਲਿਆਂਦੀ ਜਾਵੇ, ਤਾਂਕਿ ਇਹ ਰਾਸ਼ੀ ਕਾਨੂੰਨੀ ਵਾਰਸਾਂ ਦੇ ਖਾਤਿਆਂ ‘ਚ ਟਰਾਂਸਫ਼ਰ ਕੀਤੀ ਜਾ ਸਕੇ। ਸ੍ਰੀ ਸੰਦੀਪ ਹੰਸ ਨੇ ਕੋਵਿਡ ਮ੍ਰਿਤਕਾਂ ਦੇ ਕਾਨੂੰਨੀ ਵਾਰਸਾਂ ਅਪੀਲ ਕੀਤੀ ਕਿ ਉਹ ਆਪਣੀਆਂ ਦਰਖਾਸਤਾਂ ਸਬੰਧਤ ਐਸ.ਡੀ.ਐਮ. ਦਫ਼ਤਰਾਂ ਜਮ੍ਹਾਂ ਕਰਵਾਉਣ।
ਇਸੇ ਦੌਰਾਨ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਬਚਾਅ ਲਈ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜਮੀ ਹਨ, ਜਿਸ ਲਈ ਸਿਹਤ ਵਿਭਾਗ ਵੈਕਸੀਨੇਸ਼ਨ ਮੁਹਿੰਮ ‘ਚ ਹੋਰ ਤੇਜੀ ਲਿਆਉਣ ਸਮੇਤ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਨੂੰ ਵੀ ਹੋਰ ਤੇਜ ਕਰੇ।
ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਐਸ.ਪੀ. ਸਥਾਨਕ ਹਰਕਮਲ ਕੌਰ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਸਿਵਲ ਸਰਜਨ ਡਾ. ਪ੍ਰਿੰਸ ਸੋਢੀ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ, ਐਸ.ਪੀ.ਐਮ. ਵਿਭਾਗ ਦੀ ਮੁਖੀ ਡਾ. ਸਿੰਮੀ ਉਬਰਾਏ ਵੀ ਮੌਜੂਦ ਸਨ।