ਵਾਤਾਵਰਣ ਪ੍ਰਦੂਸ਼ਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਪੋਸਟਰ ਜਾਰੀ
ਪਟਿਆਲਾ, 9 ਸਤੰਬਰ:
ਵਾਤਾਵਰਣ ਵਿੱਚ ਆ ਰਹੇ ਵਿਗਾੜ ਕਾਰਨ ਦਿਨੋਂ ਦਿਨ ਬਿਮਾਰੀਆਂ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ਵਾਤਾਵਰਣ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ ਤੇ ਇਸ ਲਈ ਹਰੇਕ ਵਿਅਕਤੀ ਨੂੰ ਹੰਭਲਾ ਮਾਰਨ ਦੀ ਜ਼ਰੂਰਤ ਹੈ। ਉਕਤ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਵੱਲੋਂ ਤਿਆਰ ਕੀਤੇ ਵਾਤਾਵਰਣ ਪ੍ਰਦੂਸ਼ਣ ਸਬੰਧੀ ਜਾਗਰੂਕਤਾ ਫੈਲਾਉਂਦੇ ਪੋਸਟਰ ਨੂੰ ਜਾਰੀ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਸਾਰੇ ਇੱਕੋ ਹਵਾ ਵਿੱਚ ਸਾਹ ਲੈਂਦੇ ਹਾਂ ਅਤੇ ਇੱਕ ਵਾਤਾਵਰਣ ਹੀ ਸਾਡੀ ਸਾਰਿਆਂ ਦੀ ਰੱਖਿਆ ਅਤੇ ਪਾਲਣ ਪੋਸ਼ਣ ਕਰਦਾ ਹੈ ਤੇ ਪ੍ਰਦੂਸ਼ਣ ਇੱਕ ਵਿਸ਼ਵ-ਵਿਆਪੀ ਸਮੱਸਿਆ ਹੈ ਜਿਸ ਦਾ ਮੁਕਾਬਲਾ ਕਰਨ ਲਈ ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਜਾਗਰੂਕਤਾ ਨਾਲ ਹੀ ਕੀਤਾ ਜਾ ਸਕਦਾ ਹੈ ਜੋ ਸਿਹਤ ਵਿਭਾਗ ਵੱਲੋਂ ਵੱਖ ਵੱਖ ਸਾਧਨਾਂ ਰਾਹੀਂ ਕੀਤੀ ਜਾ ਰਹੀ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਪ੍ਰਦੂਸ਼ਿਤ ਹਵਾ ਨਾਲ ਮਨੁੱਖ ਨੂੰ ਕੁੱਝ ਅਜਿਹੀਆਂ ਸਿਹਤ ਸਮੱਸਿਆਵਾਂ ਜੋ ਕਿ ਥੋੜ੍ਹੇ ਸਮੇਂ ਲਈ ਹੁੰਦੀਆਂ ਹਨ ਜਿਵੇਂ ਸਿਰ ਦਰਦ, ਚੱਕਰ ਆਉਣਾ, ਖੰਘਣਾ, ਸਾਹ ਦਾ ਫੁੱਲਣਾ, ਅੱਖਾਂ ਵਿੱਚ ਜਲ਼ਨ, ਚਮੜੀ ਤੇ ਜਲ਼ਨ ਆਦਿ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਕੁੱਝ ਭਿਆਨਕ ਬਿਮਾਰੀਆਂ ਜਿਵੇਂ ਸਟ੍ਰੋਕ, ਦਿਲ ਦਾ ਦੌਰਾ, ਦਮਾ ਰੋਗ, ਫੇਫੜਿਆਂ ਦਾ ਕੈਂਸਰ ਆਦਿ ਵਰਗੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਉਹਨਾਂ ਕਿਹਾ ਕਿ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ।
ਇਸ ਮੌਕੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਦੇ ਖੇਤੀਬਾੜੀ, ਸਮਾਜਿਕ, ਮੌਸਮੀ ਅਤੇ ਹੋਰ ਮਾੜੇ ਪ੍ਰਭਾਵਾਂ ਤੋਂ ਇਲਾਵਾ, ਸਭ ਤੋਂ ਵੱਧ ਪ੍ਰਭਾਵ ਲੋਕਾਂ ਦੀ ਸਿਹਤ ਉਤੇ ਪੈਂਦਾ ਹੈ। ਮੌਸਮੀ ਤਬਦੀਲੀ ਕਾਰਨ ਕਈ ਛੂਤ ਦੀਆਂ ਬਿਮਾਰੀਆਂ ਦਾ ਮੌਸਮੀ ਰੁਝਾਨ ਵੀ ਪ੍ਰਭਾਵਿਤ ਹੋ ਰਿਹਾ ਹੈ ਅਤੇ ਕੁਦਰਤੀ ਆਫ਼ਤਾਂ ਨਾਲ ਹੋਣ ਵਾਲੀਆਂ ਬਿਮਾਰੀਆਂ, ਸਿਹਤ ਸੰਸਥਾਵਾਂ ਅਤੇ ਹਸਪਤਾਲਾਂ ਨੂੰ ਵੀ ਪ੍ਰਭਾਵਿਤ ਕਰ ਰਹੀਆਂ ਹਨ।