ਵਿਧਾਨ ਸਭਾ ਚੋਣਾਂ ਨਿਰਵਿਘਨ, ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ
Shiv Kumar:
ਪਟਿਆਲਾ, 16 ਦਸੰਬਰ: ਪਟਿਆਲਾ ਜ਼ਿਲ੍ਹੇ ‘ਚ ਵਿਧਾਨ ਸਭਾ ਚੋਣਾਂ-2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਅੱਠ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਰਿਟਰਨਿੰਗ ਅਧਿਕਾਰੀਆਂ ਨੂੰ ਚੋਣਾਂ ਦੀ ਤਿਆਰੀ ਸਬੰਧੀ ਡਿਸਪੈਚ, ਕਲੈਕਸ਼ਨ ਸੈਂਟਰ, ਸਟਰਾਂਗ ਰੂਮ, ਸੰਵੇਦਨਸ਼ੀਲ ਪੁਲਿੰਗ ਸਟੇਸ਼ਨਾਂ ਦੀਆਂ ਲਿਸਟਾਂ, ਪੋਲਿੰਗ ਪਾਰਟੀਆਂ ਦੀ ਟਰੇਨਿੰਗ, ਸਵੀਪ ਗਤੀਵਿਧੀਆਂ ਅਤੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਾਈਨ ਬੋਰਡ ਲਗਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦਾ 20 ਅਕਤੂਬਰ ਤੱਕ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਚੋਣਾਂ ਦੌਰਾਨ ਬਜ਼ੁਰਗਾਂ ਤੇ ਦਿਵਿਆਂਗਜਨਾਂ ਦੀ ਸਹੂਲਤ ਲਈ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਆਰ.ਓਜ਼ ਨੂੰ ਨਿੱਜੀ ਤੌਰ ‘ਤੇ ਹਰੇਕ ਪੋਲਿੰਗ ਸਟੇਸ਼ਨ ਦੀ ਪੜਤਾਲ ਅਤੇ ਲੋੜੀਦੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ ਪਾਤੜਾਂ ਅੰਕੁਰਜੀਤ ਸਿੰਘ, ਆਬਕਾਰੀ ਵਿਭਾਗ ਦੇ ਏ.ਈ.ਟੀ.ਸੀ. ਮੋਬਾਇਲ ਵਿੰਗ ਮਨਜੀਤ ਸਿੰਘ ਚੀਮਾ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਸਮਾਣਾ ਸਵਾਤੀ ਟਿਵਾਣਾ, ਐਸ.ਡੀ.ਐਮ. ਨਾਭਾ ਕੰਨੂ ਗਰਗ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਚੋਣ ਤਹਿਸੀਲਦਾਰ ਰਾਮ ਜੀ ਲਾਲ ਸਮੇਤ ਅਧਿਕਾਰੀ ਮੌਜੂਦ ਸਨ।