Punjab-ChandigarhTop News

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਮਹਾਨ ਸ਼ਹੀਦ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ


ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ

ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਸ਼ਹੀਦ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ।

ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਐਵਾਰਡ ਹਰੇਕ ਸਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੇ 46 ਨੌਜਵਾਨਾਂ ਨੂੰ ਦਿੱਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਇਹ ਐਵਾਰਡ ਜਿੱਤਣ ਵਾਲੇ ਨੌਜਵਾਨ ਨੂੰ ਪ੍ਰਸੰਸਾ ਪੱਤਰ ਤੋਂ ਇਲਾਵਾ 51000 ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿ ਇਹ ਐਵਾਰਡ ਪਿਛਲੇ ਸੱਤ ਸਾਲਾਂ ਤੋਂ ਬੰਦ ਪਏ ਸਨ ਪਰ ਹੁਣ ਇਸ ਨੂੰ ਬਹਾਲ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਚੇਅਰ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਚੇਅਰ ਸ਼ਹੀਦ ਭਗਤ ਦੇ ਜੀਵਨ ਤੇ ਵਿਚਾਰਧਾਰਾ ਉਤੇ ਖੋਜ ਕਰਨ ਦੀ ਜ਼ਿੰਮੇਵਾਰੀ ਨਿਭਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਚੇਅਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗੀ।
 
ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪ੍ਰਣ ਕਰਨ ਦਾ ਸੱਦਾ ਦਿੱਤਾ ਕਿ ਉਹ ਚੰਗੇ ਮੌਕਿਆਂ ਦੀ ਤਲਾਸ਼ ਵਿਚ ਆਪਣਾ ਵਤਨ ਛੱਡ ਕੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਬਿਹਤਰ ਜ਼ਿੰਦਗੀ ਦੀ ਭਾਲ ਵਿਚ ਦੇਸ਼ ਛੱਡ ਕੇ ਜਾਣ ਦੀ ਬਜਾਏ ਇੱਥੇ ਹੀ ਸ਼ਾਸਨ ਪ੍ਰਣਾਲੀ ਨੂੰ ਸੁਧਾਰਾਂਗੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗੁਰਬਤ ਦੀਆਂ ਜੜ੍ਹਾਂ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸ਼ਾਸਕ ਬਰਤਾਨਵੀ ਹਕੂਮਤ ਤੋਂ ਬਾਅਦ ਸੱਤਾ ਵਿਚ ਆਏ ਹਨ, ਉਨ੍ਹਾਂ ਨੇ ਵਿਦੇਸ਼ੀ ਹਾਕਮਾਂ ਤੋਂ ਵੀ ਵੱਧ ਬੇਰਹਿਮੀ ਨਾਲ ਮੁਲਕ ਨੂੰ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਕੁਝ ਬਜ਼ੁਰਗਾ ਦੇ ਮੂੰਹੋਂ ਇਹ ਗੱਲ ਸੁਣਦੇ ਹਨ ਕਿ ਹੁਣ ਨਾਲੋਂ ਤਾਂ ਬਰਤਾਨਵੀ ਹਕੂਮਤ ਹੀ ਚੰਗੀ ਸੀ ਤਾਂ ਉਨ੍ਹਾਂ ਦੇ ਮਨ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਭਾਰਤ ਨੂੰ ਅਵੱਲ ਮੁਲਕ ਬਣਾਉਣ ਲਈ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ਾਂ ਹੀ ਸ਼ਹੀਦ ਭਗਤ ਸਿੰਘ ਨਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜੀਵਨ ਨਿਛਾਵਰ ਕਰ ਦਿੱਤਾ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੀ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅੱਜ-ਕੱਲ੍ਹ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਉਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਮਾਤ ਭੂਮੀ ਲਈ ਮਹਾਨ ਸ਼ਹੀਦਾਂ ਦੇ ਯੋਗਦਾਨ ਉਤੇ ਕੋਈ ਸਵਾਲ ਚੁੱਕਣ ਦਾ ਹੱਕ ਨਹੀਂ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਾਡੇ ਮਹਾਨ ਕੌਮੀ ਨਾਇਕ ਤੇ ਸ਼ਹੀਦ ਬਰਤਾਨਵੀ ਹਕੂਮਤ ਦੇ ਜਬਰ ਦਾ ਸਾਹਮਣਾ ਕਰ ਰਹੇ ਸਨ ਤਾਂ ਕੁਝ ਗੱਦਾਰ ਸਾਮਰਾਜੀ ਤਾਕਤਾਂ ਦੇ ਹੱਕ ਵਿਚ ਭੁਗਤੇ ਸਨ ਅਤੇ ਅਜਿਹੇ ਲੋਕਾਂ ਨੂੰ ਹੁਣ ਕੋਈ ਯਾਦ ਨਹੀਂ ਕਰਦਾ।

        ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਮੋਹਾਲੀ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5-ਡੀ ਬੁੱਤ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਆਖਿਆ ਤਾਂ ਕਿ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਹਾਸਲ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਦੋਂ 23 ਵਰ੍ਹਿਆਂ ਦਾ ਨੌਜਵਾਨ ਆਪਣੇ ਮਾਪਿਆਂ ਤੋਂ ਮੋਟਰਸਾਈਕਲ ਦੀ ਮੰਗ ਕਰਦਾ ਹੈ ਤਾਂ ਸ਼ਹੀਦ ਭਗਤ ਸਿੰਘ ਉਸ ਉਮਰ ਵਿਚ ਮੁਲਕ ਨੂੰ ਬਰਤਾਨਵੀ ਹਾਕਮਾਂ ਤੋਂ ਆਜ਼ਾਦ ਕਰਵਾਉਣ ਦੀ ਮੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹ ਕੇ ਸੋਚ ਦਾ ਦਾਇਰਾ ਵਿਸ਼ਾਲ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਮਹਾਨ ਸ਼ਹੀਦ ਦੇ ਸੁਪਨੇ ਸਾਕਾਰ ਕਰਨ ਵਿਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਵਿਚ ਦੋ ਦਿਨ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਇਕ 28 ਦਸੰਬਰ ਦਾ ਦਿਨ ਹੈ ਜਦੋਂ ਉਨ੍ਹਾਂ ਨੇ ਮਾਮਲਾ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਾ ਮਹਾਜਨ ਕੋਲ ਮਾਮਲਾ ਉਠਾਇਆ ਸੀ ਤਾਂ ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਲੋਕ ਸਭਾ ਵਿਚ ਸ਼ਰਧਾਂਜਲੀ ਭੇਟ ਕੀਤੀ ਗਈ ਸੀ। ਦੂਜਾ ਮਹੱਤਵਪੂਰਨ ਦਿਨ ਅੱਜ ਹੈ ਜਦੋਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਮੋਹਾਲੀ ਹਵਾਈ ਅੱਡੇ ਦਾ ਨਾਂ ਰੱਖਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਦਿਨ ਉਨ੍ਹਾਂ ਦੀ ਜ਼ਿੰਦਗੀ ਦੇ ਮਹੱਤਵਪੂਰਨ ਦਿਨ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਸੁਖਦੇਵ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਸੰਤੋਸ਼ ਕਟਾਰੀਆ ਤੇ ਜਸਵਿੰਦਰ ਸਿੰਘ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਤੇ ਹੋਰ ਹਾਜ਼ਰ ਸਨ।

ਇਸ ਮੌਕੇ ਹਾਜ਼ਰ ਸ਼ਖਸੀਅਤਾਂ ਵਿਚ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਏ.ਡੀ.ਜੀ.ਪੀ. ਪੀ.ਕੇ. ਸਿਨਹਾ, ਕਮਿਸ਼ਨਰ ਸੁਮੇਰ ਸਿੰਘ ਗੁਰਜਰ, ਆਈ.ਜੀ. ਐਸ.ਪੀ.ਐਸ. ਪਰਮਾਰ, ਡਿਪਟੀ ਕਮਿਸ਼ਨਰ ਨਵਜੋਤ ਪਾਲ ਰੰਧਾਵਾ ਅਤੇ ਐਸ.ਐਸ.ਪੀ. ਭਗੀਰਥ ਮੀਨਾ ਸ਼ਾਮਲ ਸਨ।

————

Spread the love

Leave a Reply

Your email address will not be published. Required fields are marked *

Back to top button