ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਮੁਫ਼ਤ ਕਾਨੂੰਨੀ ਸਹਾਇਤਾ ਜਾਗਰੂਕਤਾ ਮੁਹਿੰਮ ਦੇ ਪਹਿਲੇ ਹਫ਼ਤੇ ‘ਚ 210 ਪਿੰਡਾਂ ‘ਚ ਬਣਾਈ ਪਹੁੰਚ
ਪਟਿਆਲਾ, 13 ਅਕਤੂਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ 2 ਅਕਤੂਬਰ ਨੂੰ ਗਾਂਧੀ ਜੈਯੰਤੀ ਮੌਕੇ ਸ਼ੁਰੂ ਕੀਤੀ ਤੇ 14 ਨਵੰਬਰ ਤੱਕ ਚੱਲਣ ਵਾਲੀ ਕਾਨੂੰਨੀ ਸਹਾਇਤਾ ਜਾਗਰੂਕਤਾ ਮੁਹਿੰਮ ਨੇ ਪਹਿਲੇ ਹਫ਼ਤੇ ‘ਚ ਪਟਿਆਲਾ ਜ਼ਿਲ੍ਹੇ ਦੇ 210 ਪਿੰਡਾਂ ‘ਚ 51 ਸੈਮੀਨਾਰ ਲਗਾਕੇ 6694 ਲੋਕਾਂ ਤੱਕ ਆਪਣੀ ਪਹੁੰਚ ਬਣਾਈ ਹੈ। ਇਹ ਜਾਣਕਾਰੀ ਦਿੰਦਿਆਂ ਦੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ. ਮੈਡਮ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਚਲਾਈ ਜਾਗਰੂਕਤਾ ਪ੍ਰਚਾਰ ਵੈਨ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ।
ਮਿਸ ਪਰਮਿੰਦਰ ਕੌਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸਹਾਇਕ ਕਿਰਤ ਕਮਿਸ਼ਨਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੀ.ਡੀ.ਪੀ.ਓ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਿੰਡਾਂ ‘ਚ ਲਗਾਤਾਰ ਪਹੁੰਚਾ ਬਣਾਕੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਮੇਤ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤ, ਤੇਜਾਬੀ ਹਮਲੇ ਦੇ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ, ਸਥਾਈ ਲੋਕ ਅਦਾਲਤ, ਟੋਲ ਫਰੀ ਨੰਬਰ 1968, ਮੀਡੀਏਸ਼ਨ ਦੇ ਲਾਭ, ਲੀਗਲ ਸਰਵਿਸ ਐਪ ਅਤੇ 11 ਦਸੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਵੱਖਰੇ ਤੌਰ ‘ਤੇ 22 ਪਿੰਡਾਂ ‘ਚ 1145 ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ‘ਚ ਪੰਜਾਬ ਸਰਕਾਰ ਦੀਆਂ ਸਕੀਮਾਂ, ਬੁਢਾਪਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ, ਵਿਧਵਾ ਪੈਨਸ਼ਨ, ਸਕਾਲਰਸ਼ਿਪ ਸਕੀਮ ਤੇ ਸਮਾਰਟ ਰਾਸ਼ਨ ਕਾਰਡ ਦੀ ਸਹੂਲਤ ਪ੍ਰਾਪਤ ਕਰਨ ਬਾਰੇ ਵੀ ਦੱਸਿਆ ਗਿਆ।
ਸੀ.ਜੇ.ਐਮ. ਨੇ ਦੱਸਿਆ ਕਿ ਅੱਜ ਕਰਵਾਏ ਸੈਮੀਨਾਰ ਦੌਰਾਨ ਪਿੰਡ ਕਰਹਾਲੀ ਵਿਖੇ ਸੈਮੀਨਾਰ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ‘ਚ ਐਡਵੋਕੇਟ ਗੁਰਵੀਰ ਸਿੰਘ ਨੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਬੁਢਾਪਾ ਪੈਨਸ਼ਨ ਦੇ 188 ਫਾਰਮ, ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਦੇ 8 ਫਾਰਮ, ਵਿਧਵਾ ਪੈਨਸ਼ਨ ਦੇ 12 ਫਾਰਮ, ਸਕਾਲਰਸ਼ਿਪ ਸਕੀਮ ਦੇ 8 ਫਾਰਮ ਤੇ ਸਮਾਰਟ ਰਾਸ਼ਨ ਕਾਰਡ ਦੇ 384 ਫਾਰਮ ਭਰੇ ਗਏ।
ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਇਹ ਸਾਰੀ ਮੁਹਿੰਮ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਜਸਟਿਸ ਅਜੇ ਤਿਵਾੜੀ ਦੀ ਅਗਵਾਈ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਾਲਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਹੈ।