20.78 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜੁਲਾਈ ਮਹੀਨੇ ਤੱਕ 1494.76 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 3100.27 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ
ਚੰਡੀਗੜ੍ਹ, 20 ਅਗਸਤ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਜੁਲਾਈ ਮਹੀਨੇ ਤੱਕ ਦੀ ਪੈਨਸ਼ਨ ਰਾਸ਼ੀ ਦੇ 1494.76 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 20,78,886 ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜੁਲਾਈ ਮਹੀਨੇ ਤੱਕ ਦੀ ਪੈਨਸ਼ਨ ਰਾਸ਼ੀ ਦੇ 1494.76 ਕਰੋੜ ਵੰਡੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 4647.82 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 3100.27 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਆਦਮੀਂ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।