ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸਮਾਗਮ ‘ਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ
Ajay Verma ( The Mirror Time)
ਪਟਿਆਲਾ, 13 ਅਗਸਤ :
ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ. ਦੀਪਕ ਪਾਰੀਕ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ. ਹਰਪਾਲ ਸਿੰਘ ਚੀਮਾ 15 ਅਗਸਤ ਦੇ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ ਆਈ.ਟੀ.ਬੀ.ਪੀ. ਦੀ ਇੱਕ ਟੁਕੜੀ, ਜ਼ਿਲ੍ਹਾ ਪੁਲਿਸ ਪਟਿਆਲਾ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐਨ.ਸੀ.ਸੀ. ਆਰਮੀ ਵਿੰਗ ਲੜਕੇ ਤੇ ਲੜਕੀਆਂ, ਐਨ.ਸੀ.ਸੀ. ਏਅਰ ਵਿੰਗ, ਰੈਡ ਕਰਾਸ, ਗਰਲਜ਼ ਗਾਈਡ ਤੇ ਆਈ.ਆਰ.ਬੀ. ਦਾ ਬੈਂਡ ਸ਼ਾਮਲ ਹੋਣਗੇ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. (ਹੈਡਕੁਆਟਰ) ਦਲਜੀਤ ਸਿੰਘ ਵਿਰਕ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਟੈਂਟ ਪੈਗਿੰਗ ਤੇ ਮੋਟਰ ਸਾਈਕਲ ਦੇ ਕਰਤੱਬ ਵੀ ਦਿਖਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਮਾਡਲ ਸਕੂਲ ਫੀਲਖਾਨਾ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਅਤੇ
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੀਆਂ ਵਿਦਿਆਰਥਣਾਂ ਹਿੱਸਾ ਲੈਣਗੀਆਂ ਅਤੇ ਬਾਣੀ ਸਕੂਲ ਦੇ ਬੱਚੇ ਗੁਬਾਰੇ ਛੱਡਣਗੇ। ਜਦਕਿ ਸਰਕਾਰੀ ਮਹਿੰਦਰਾ ਕਾਲਜ ਦੇ ਪ੍ਰਿੰਸੀਪਲ ਦੀ ਅਗਵਾਈ ‘ਚ ਵੱਖ ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਸਰਕਾਰੀ ਕਾਲਜ ਲੜਕੀਆਂ ਦੇ ਪ੍ਰਿੰਸੀਪਲ ਦੀ ਅਗਵਾਈ ‘ਚ ਪਟਿਆਲਾ ਦੇ ਵੱਖ ਵੱਖ ਸਕੂਲਾਂ ਤੇ ਕਾਲਜਾਂ ਦੀਆਂ ਮੁਟਿਆਰਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ ਅਤੇ ਸਮਾਗਮ ਦੇ ਅਖੀਰ ਵਿਚ ਰਾਸ਼ਟਰੀ ਗਾਣ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਸ. ਚੀਮਾ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਅਤੇ ਲੋੜਵੰਦਾਂ ਨੂੰ ਵ੍ਹੀਲ ਚੇਅਰ, ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਵੱਡੀ ਪੱਧਰ ‘ਤੇ ਖੁਸ਼ੀ-ਖੁਸ਼ੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਆਜ਼ਾਦੀ ਦੀ ਪ੍ਰਾਪਤੀ ਲਈ ਦੇਸ਼ ਭਗਤਾਂ ਨੂੰ ਬੇਸ਼ੁਮਾਰ ਕੁਰਬਾਨੀਆਂ ਕਰਨੀਆਂ ਪਈਆਂ, ਉਸ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਉਣਾ ਚਾਹੀਦਾ ਹੈ ਇਹੋ ਹੀ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਇਸ ਲਈ ਸਾਨੂੰ ਇਸ ਸਮਾਰੋਹ ‘ਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਐਸ.ਪੀ. ਰਾਕੇਸ਼ ਕੁਮਾਰ, ਵਜੀਰ ਸਿੰਘ ਖਹਿਰਾ, ਐਸ.ਪੀ. ਹਰਬੀਰ ਸਿੰਘ ਅਟਵਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੈਪਸ਼ਨ : ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਰੇਡ ਦਾ ਨਿਰੀਖਣ ਕਰਦੇ ਹੋਏ, ਉਨ੍ਹਾਂ ਦੇ ਨਾਲ ਐਸ.ਐਸ.ਪੀ. ਦੀਪਕ ਪਾਰੀਕ ਵੀ ਨਜ਼ਰ ਆ ਰਹੇ ਹਨ।