ਬਜ਼ੁਰਗਾਂ ਦੀ ਭਲਾਈ ਲਈ ਅਤੇ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਸਬੰਧੀ ਹੋਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਪਟਿਆਲਾ, 14 ਦਸੰਬਰ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਲੋੜਵੰਦਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸਰਲ ਭਾਸ਼ਾ ‘ਚ ਕਿਤਾਬਚਾ ਤਿਆਰ ਕਰਕੇ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਲੋੜਵੰਦ ਵਿਅਕਤੀ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਕਤ ਵਿਚਾਰਾਂ ਦਾ ਪ੍ਰਗਟਾਵਾਂ ਉਨ੍ਹਾਂ ਬਜ਼ੁਰਗਾਂ ਦੀ ਭਲਾਈ ਅਤੇ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਤੇ ਬੇਸਹਾਰਾ ਲੋਕਾਂ ਦੀ ਸਾਂਭ ਸੰਭਾਲ ਸਬੰਧੀ ਹੋਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਸੀਨੀਅਰ ਸਿਟੀਜ਼ਨ ਵੈਲਫੇਅਰ ਐਕਟ-2007 ਅਤੇ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ-2016 ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਬਣਦੀਆਂ ਸਹੂਲਤਾਵਾਂ ਮੁਹੱਈਆ ਹੋ ਸਕਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਿਰਧ ਆਸ਼ਰਮਾਂ ‘ਚ ਲਗਾਤਾਰ ਮੈਡੀਕਲ ਚੈਕਅੱਪ ਕਰਨ ਦੇ ਨਿਰਦੇਸ਼ ਦਿੱਤੇ ਅਤੇ ਜਨਤਕ ਸਥਾਨਾਂ ‘ਤੇ ਦਿਵਿਆਂਗਜਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਹੋਰਨਾਂ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿਵਿਆਂਗਜਨਾਂ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੇ ਕੰਮ ‘ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਲੋੜਵੰਦਾਂ ਤੱਕ ਆਸਾਨੀ ਨਾਲ ਪੁੱਜ ਸਕਣ। ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗਜਨਾਂ ਤੇ ਬਜ਼ੁਰਗ ਵੋਟਰਾਂ ਲਈ ਵਿਸ਼ੇਸ਼ ਉਪਰਾਲੇ ਕਰਨ ‘ਤੇ ਵੀ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ ਜ਼ਿਲ੍ਹੇ ‘ਚ ਯੂ.ਡੀ.ਆਈ.ਡੀ. ਕਾਰਡ ਬਣਵਾਉਣ ਲਈ 29 ਹਜ਼ਾਰ 356 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਤੇ ਜਿਨ੍ਹਾਂ ਵਿਚੋਂ 18020 ਨੂੰ ਯੂ.ਡੀ.ਆਈ.ਡੀ ਕਾਰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਾਰਡ ਬਣਾਉਣ ਲਈ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਬਿਰਧ ਆਸ਼ਰਮਾਂ ਦਾ ਸਮੇਂ ਸਮੇਂ ‘ਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਰੀਖਣ ਕੀਤਾ ਜਾਂਦਾ ਹੈ ਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੇ ਹੱਲ ਸਬੰਧੀ ਸਬੰਧਤ ਵਿਭਾਗ ਨਾਲ ਰਾਬਤਾ ਕੀਤਾ ਜਾਂਦਾ ਹੈ।
ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨਜ਼ ਦੀ ਕਮੇਟੀ ਦੇ ਮੈਂਬਰ ਓ.ਪੀ. ਗਰਗ, ਜੋਗਿੰਦਰ ਕੌਰ, ਪ੍ਰਤਿਭਾ ਸ਼ਰਮਾ, ਸਕੱਤਰ ਰੈਡ ਕਰਾਸ ਪ੍ਰਿਤਪਾਲ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜ ਅਮਰਜੀਤ ਸਿੰਘ, ਡਾ. ਪ੍ਰਭਦੀਪ ਸਿੰਘ, ਕਰਨਲ ਕਰਮਿੰਦਰ ਸਿੰਘ, ਡਾ. ਵਿਕਾਸ ਗੋਇਲ, ਗੁਰਮੀਤ ਕੌਰ, ਜਗਦੀਪ ਸਿੰਘ ਤੋਂ ਇਲਾਵਾ ਪੁਲਿਸ ਵਿਭਾਗ, ਪੀ.ਆਰ.ਟੀ.ਸੀ. ਅਤੇ ਹੋਰਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੈਪਸ਼ਨ: ਡਿਪਟੀ ਕਮਿਸ਼ਨਰ ਸੰਦੀਪ ਹੰਸ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕਰਦੇ ਹੋਏ।