ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਆਨ ਲਾਈਨ ਅਰਜ਼ੀਆਂ ਵੀ ਦੇ ਸਕਦੇ ਹਨ : ਵਧੀਕ ਡਿਪਟੀ ਕਮਿਸ਼ਨਰ
Shiv Kumar:
ਪਟਿਆਲਾ, 15 ਦਸੰਬਰ: ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਸਬੰਧਤ ਐਸ.ਡੀ.ਐਮ. ਦਫ਼ਤਰ ਜਾਂ ਫੇਰ ਆਨ ਲਾਈਨ ਵੈਬ ਪੋਰਟਲ ਰਾਹੀਂ ਦਿੱਤੀ ਜਾ ਸਕਦੀ ਹੈ।
ਸ. ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਬਿਨੈਕਾਰਾਂ ਵੱਲੋਂ ਪੇਸ਼ ਕੀਤੀਆਂ ਦਰਖਾਸਤਾਂ/ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਕਰੇਗੀ। ਕਿਸੇ ਵੀ ਤਰ੍ਹਾਂ ਦੀ ਤਰੁੱਟੀ ਦੇ ਹੱਲ ਲਈ ਜ਼ਿਲ੍ਹੇ ‘ਚ ਸ਼ਿਕਾਇਤ ਨਿਵਾਰਨ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਇਸ ਸਬੰਧੀ ਸਿਵਲ ਸਰਜਨ ਪਟਿਆਲਾ ਕੋਲ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ, ਜੋ ਸਮਾਂਬੱਧ ਤਰੀਕੇ ਨਾਲ ਕਾਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਦਰਖਾਸਤ ਸਬੰਧਤ ਐਸ.ਡੀ.ਐਮ. ਦਫ਼ਤਰ ਵਿਖੇ ਜਾਂ ਫੇਰ http://covidexgratia.punjab.gov.in ‘ਤੇ ਫਾਰਮ ਭਰ ਸਕਦੇ ਹਨ ਤੇ ਲੋੜੀਦੇ ਦਸਤਾਵੇਜ ਵੀ ਅਪਲੋਡ ਕਰ ਸਕਦੇ ਹਨ।