ਮੁੱਖ ਚੋਣ ਕਮਿਸ਼ਨ ਅੱਗੇ ਸਵੀਪ ਸਰਗਰਮੀਆਂ ਲਈ ਪਟਿਆਲਾ ਜ਼ਿਲ੍ਹੇ ਦੀ ਟੀਮ ਰਵਾਨਾ
Shiv Kumar:
ਪਟਿਆਲਾ 15 ਦਸੰਬਰ: ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਮੁੱਖ ਚੋਣ ਕਮਿਸ਼ਨ ਪੰਜਾਬ ਦੀ ਅਗਵਾਈ ‘ਚ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੇ ਨਿਰੀਖਣ ਲਈ ਚੰਡੀਗੜ੍ਹ ਵਿਖੇ ਰੱਖੇ ਗਏ ਸਮਾਗਮ ‘ਚ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀ ਆਪਣੀਆਂ ਪੇਸ਼ਕਾਰੀਆਂ ਕਰਨ ਲਈ ਅੱਜ ਰਵਾਨਾ ਹੋ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਸਰਪ੍ਰਸਤੀ ‘ਚ ਇੱਥੇ ਮਿੰਨੀ ਸਕੱਤਰੇਤ ਵਿਖੇ ਵਧੀਕ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਤੇ ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ ਨੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਵਾਲੀ ਟੀਮ ਨੂੰ ਸ਼ੁਭ ਇੱਛਾਵਾਂ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਏ.ਡੀ.ਸੀ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਬੜੇ ਮਾਣ ਦੀ ਗੱਲ ਹੈ ਕਿ ਪਟਿਆਲਾ ਜ਼ਿਲ੍ਹੇ ਦੀ ਟੀਮ ਦੇਸ਼ ਦੇ ਚੋਣ ਕਮਿਸ਼ਨ ਅੱਗੇ ਸਮੁੱਚੇ ਪੰਜਾਬ ਦੀ ਨੁਮਾਇੰਦਗੀ ਕਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਕਤ ਟੀਮ ਦੀਆਂ ਵੱਖ-ਵੱਖ ਪੇਸ਼ਕਾਰੀਆਂ ਪ੍ਰਭਾਵਸ਼ਾਲੀ ਸਾਬਤ ਹੋਣਗੀਆਂ। ਉਨ੍ਹਾਂ ਜ਼ਿਲ੍ਹਾ ਸਵੀਪ ਟੀਮ ਦੀ ਕਾਰਗੁਜ਼ਾਰੀ ਸ਼ਲਾਘਾ ਵੀ ਕੀਤੀ।
ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ ਨੇ ਟੀਮ ‘ਚ ਸ਼ਾਮਲ ਸਾਰੇ ਵਿਦਿਆਰਥੀਆਂ ਤੇ ਜ਼ਿਲ੍ਹੇ ਦੇ ਆਈਕਾਨਜ਼ ਨਾਲ ਸੰਵਾਦ ਰਚਾਇਆ ਤੇ ਚੋਣ ਪ੍ਰਣਾਲੀ ਦਾ ਹਿੱਸਾ ਬਣਨ ਲਈ ਸ਼ਲਾਘਾ ਕੀਤੀ। ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਸਵੀਪ ਟੀਮ ‘ਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ, ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਪਟਿਆਲਾ, ਪੰਜਾਬੀ ਯੂਨੀਵਰਸਿਟੀ ਮਾਡਲ ਸਕੂਲ ਤੇ ਪੰਜਾਬੀ ਯੂਨੀਵਰਸਿਟੀ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਚੋਣ ਕਮਿਸ਼ਨ ਦੇ ਜ਼ਿਲ੍ਹਾ ਆਈਕਾਨ ਡਾ. ਕਿਰਨ ਕੁਮਾਰੀ ਪੰਜਾਬੀ ਯੂਨੀਵਰਸਿਟੀ, ਸਾਈਕਲਿਸਟ ਜਗਵਿੰਦਰ ਸਿੰਘ ਤੇ ਜਗਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਸੁਖਦਰਸ਼ਨ ਸਿੰਘ ਚਹਿਲ, ਲੈਕਚਰਾਰ ਸਤਬੀਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਤਸਵੀਰ:- ਏਡੀਸੀ ਗੁਰਪ੍ਰੀਤ ਸਿੰਘ ਥਿੰਦ ਪਟਿਆਲਾ ਜ਼ਿਲ੍ਹੇ ਦੀ ਸਵੀਪ ਟੀਮ ਨੂੰ ਸ਼ੁੱਭਕਾਮਨਾਵਾਂ ਦੇਣ ਮੌਕੇ, ਨਾਲ ਹਨ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਵਰਿੰਦਰ ਸਿੰਘ ਟਿਵਾਣਾ ਤੇ ਹੋਰ।
ਦੂਸਰੀ ਤਸਵੀਰ:- ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ ਪਟਿਆਲਾ ਜ਼ਿਲ੍ਹੇ ਦੀ ਸਵੀਪ ਟੀਮ ਨੂੰ ਸ਼ੁੱਭਕਾਮਨਾਵਾਂ ਦੇਣ ਮੌਕੇ, ਨਾਲ ਹਨ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਵਰਿੰਦਰ ਸਿੰਘ ਟਿਵਾਣਾ ਤੇ ਹੋਰ।