ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮਹੀਨਾਵਾਰ ਕਾਰਗੁਜ਼ਾਰੀ ਦੀ ਸਮੀਖਿਆ
ਪਟਿਆਲਾ, 19 ਜੁਲਾਈ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਨਵੇਂ ਬੱਸ ਅੱਡੇ ਤੇ ਨਹਿਰੀ ਪਾਣੀ ਪ੍ਰੋਜੈਕਟ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਵੱਡੇ ਪ੍ਰੋਜੈਕਟਾਂ ਦੇ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪਟਿਆਲਾ ਵਾਸੀ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਛੇਤੀ ਉਠਾ ਸਕਣ। ਉਨ੍ਹਾਂ ਨਵੇਂ ਬੱਸ ਅੱਡੇ ਦੇ 95 ਫ਼ੀਸਦੀ ਹੋ ਚੁੱਕੇ ਕੰਮ ਦੀ ਸਮੀਖਿਆ ਕਰਦਿਆਂ ਕੰਮ ਨੂੰ ਜਲਦੀ ਨੇਪਰੇ ਚਾੜਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨਹਿਰੀ ਪਾਣੀ ਪ੍ਰੋਜੈਕਟ ‘ਚ ਸ਼ਾਮਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮਿਥੇ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਾਪਰਟੀ ਟੈਕਸ, ਸੋਲਿਡ ਵੇਸਟ ਮੈਨੇਜਮੈਂਟ, ਵੇਸਟ ਟੂ ਵੈਲਥ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਬਰਸਾਤਾਂ ਦੇ ਮੌਸਮ ਦੌਰਾਨ ਨੀਵੇਂ ਖੇਤਰਾਂ ‘ਚ ਪਾਣੀ ਦੀ ਨਿਕਾਸੀ ਲਈ ਬਣਾਈ ਯੋਜਨਾ ਅਨੁਸਾਰ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਤੇ ਮਲੇਰੀਆਂ ਤੋਂ ਰੋਕਥਾਮ ਲਈ ਹੁਣੇ ਤੋਂ ਹੀ ਫੌਗਿੰਗ ਸ਼ੁਰੂ ਕਰਵਾਈ ਜਾਵੇ ਤਾਂ ਜੋ ਸਮੇਂ ਰਹਿੰਦਿਆਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।
ਸਾਕਸ਼ੀ ਸਾਹਨੀ ਨੇ 29 ਜੁਲਾਈ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਟਿਆਲਾ ਵਿਖੇ ਕਰਵਾਈ ਜਾ ਰਹੀ ਕਾਨਫ਼ਰੰਸ ‘ਚ ਵੱਖ ਵੱਖ ਵਿਭਾਗਾਂ ਦੀ ਸ਼ਮੂਲੀਅਤ ਯਕੀਨੀ ਨੂੰ ਬਣਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਵਿਭਾਗ ਵਾਤਾਵਰਣ ਲਈ ਕੀਤੇ ਗਏ ਕੰਮ ਦੀ ਪ੍ਰੈਜ਼ਨਟੇਸ਼ਨ ਤਿਆਰ ਕਰਨ ਜਿਸ ਨੂੰ ਕਾਨਫਰੰਸ ‘ਚ ਪ੍ਰਦਰਸ਼ਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ‘ਚ ਵਾਤਾਵਰਣ ਸ਼ੁੱਧਤਾ ਲਈ ਜੋ ਕੰਮ ਕੀਤੇ ਗਏ ਹਨ ਉਨ੍ਹਾਂ ਨੂੰ ਕਾਨਫ਼ਰੰਸ ਦੌਰਾਨ ਪ੍ਰਦਰਸ਼ਿਤ ਕੀਤਾ ਜਾਵੇ।
ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮੜਕਨ, ਪੀ.ਡੀ.ਏ. ਦੇ ਏ.ਸੀ.ਏ. ਪਵਿੱਤਰ ਸਿੰਘ ਸਮੇਤ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।