ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪਟਿਆਲਾ, 17 ਅਗਸਤ :
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੀ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਲਾਈਨਮੈਨ ਨੂੰ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਕ੍ਰਿਸ਼ਨ ਕੁਮਾਰ ਉਸ ਦੇ ਨਾਭਾ ਰੋਡ, ਪਟਿਆਲਾ ਵਿਖੇ ਪਲਾਟ ਵਿੱਚ ਘਰੇਲੂ ਬਿਜਲੀ ਦਾ ਮੀਟਰ ਲਗਾਉਣ ਲਈ ਪਹਿਲਾਂ 3,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਵਜੋਂ 10,000 ਰੁਪਏ ਹੋਰ ਪੈਸੇ ਇਹ ਕਹਿਕੇ ਮੰਗ ਰਿਹਾ ਹੈ ਕਿ ਇਹ ਰਿਸ਼ਵਤ ਦੀ ਰਕਮ ਪੀ.ਐਸ.ਪੀ.ਸੀ.ਐਲ. ਕਲਿਆਣ ਵਿਖੇ ਤਾਇਨਾਤ ਐਸ.ਡੀ.ਓ ਅਤੇ ਦੋ ਜੇ.ਈਜ਼. ਨਾਲ ਵੰਡਣੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਉਪਰੋਕਤ ਸਾਰੇ ਦੋਸ਼ੀਆਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।