ਨਸ਼ਿਆਂ ਵਿਰੁੱਧ ਜੰਗ: ਇੱਕ ਹਫ਼ਤੇ ਵਿੱਚ 11.73 ਕਿਲੋ ਹੈਰੋਇਨ, 20 ਕਿਲੋ ਅਫੀਮ, 9 ਕਿਲੋ ਗਾਂਜਾ, 20.07 ਲੱਖ ਰੁਪਏ ਡਰੱਗ ਮਨੀ ਸਮੇਤ 327 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ
ਚੰਡੀਗੜ੍ਹ, 23 ਅਗਸਤ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 31 ਵਪਾਰਕ ਮਾਮਲਿਆਂ ਸਮੇਤ 230 ਐੱਫ.ਆਈ.ਆਰ. ਦਰਜ ਕਰਕੇ 327 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਪਿਛਲੇ ਹਫ਼ਤੇ ਵਿੱਚ 43 ਭਗੌੜਿਆਂ ਅਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.73 ਕਿਲੋ ਹੈਰੋਇਨ, 20 ਕਿਲੋ ਅਫੀਮ, 9 ਕਿਲੋ ਗਾਂਜਾ, 5.76 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 28 ਹਜ਼ਾਰ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 20.07 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਨਸ਼ਿਆਂ ਦੀ ਤਸਕਰੀ ਦੇ ਨਵੇਂ ਰੁਝਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕਸਣ ਤੋਂ ਬਾਅਦ ਹੁਣ ਨਸ਼ਾ ਤਸਕਰ/ਸਪਲਾਇਰ ਬਹੁਤ ਘੱਟ ਮਾਤਰਾ ‘ਚ ਭਾਵ ਮਿਲੀਗ੍ਰਾਮ ਅਤੇ ਗ੍ਰਾਮ ‘ਚ ਨਸ਼ਾ ਵੇਚ ਕੇ ਗ੍ਰਿਫਤਾਰੀਆਂ ਤੋਂ ਬਚਣ ਲਈ ਨਵੇਂ ਤਰੀਕੇ ਅਪਣਾ ਰਹੇ ਹਨ। ਉਹਨਾਂ ਅੱਗੇ ਕਿਹਾ ਤਾਜ਼ਾ ਰੁਝਾਨ ਸਾਹਮਣੇ ਆਇਆ ਹੈ ਜਿਸ ਵਿੱਚ ਨਸ਼ਾ ਤਸਕਰ ਪਿਆਜ਼ ਨਾਲ ਭਰੇ ਟਰੱਕਾਂ ਵਿੱਚ ਛੁਪਾ ਕੇ ਨਸ਼ਿਆਂ ਦੀ ਤਸਕਰੀ ਕਰ ਰਹੇ ਹਨ।
ਆਈਜੀਪੀ ਨੇ ਕਿਹਾ ਕਿ ਅਬੋਹਰ ਅਤੇ ਫਿਰੋਜ਼ਪੁਰ ਖੇਤਰ ਤੋਂ ਨਸ਼ਿਆਂ ਦੀ ਸਪਲਾਈ ਵੱਧ ਰਹੀ ਹੈ ਅਤੇ ਡਰੱਗ ਸਪਲਾਇਰ ਹੁਣ ਚੈਕਿੰਗ ਤੋਂ ਬਚਣ ਲਈ ਨਸ਼ਿਆਂ ਦੀ ਤਸਕਰੀ ਕਰਨ ਲਈ ਜਨਤਕ ਆਵਾਜਾਈ ਨੂੰ ਤਰਜੀਹ ਦੇ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਨਸ਼ੀਲੀਆਂ ਗੋਲੀਆਂ ਮੁੱਖ ਤੌਰ ‘ਤੇ ਯੂਪੀ-ਦਿੱਲੀ ਦੇ ਸਹਾਰਨਪੁਰ, ਗਾਜ਼ੀਆਬਾਦ, ਬਹਾਦੁਰਗੜ੍ਹ ਖੇਤਰਾਂ ਤੋਂ ਹਰਿਆਣਾ ਜ਼ਰੀਏ ਜਦਕਿ ਅਫੀਮ ਅਤੇ ਭੁੱਕੀ ਮੱਧ ਪ੍ਰਦੇਸ਼-ਰਾਜਸਥਾਨ ਖੇਤਰ ਤੋਂ ਆ ਰਹੀ ਹੈ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ/ਸਪਲਾਇਰਾਂ ‘ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਵਿਰੁੱਧ ਵੀ ਜੰਗ ਵਿੱਢੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਸਫਲਤਾਪੂਰਵਕ 67 ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 301 ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਮੁਕਾਬਲੇ ਵਿੱਚ ਦੋ ਖਤਰਨਾਕ ਗੈਂਗਸਟਰਾਂ ਨੂੰ ਮਾਰ ਮੁਕਾਇਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 640 ਹਥਿਆਰਾਂ ਸਮੇਤ 174 ਮੈਗਜ਼ੀਨਾਂ ਅਤੇ 3364 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 7 ਹੱਥ ਗੋਲੇ ਅਤੇ ਪੰਜ ਆਈਈਡੀਜ਼ ਵੀ ਬਰਾਮਦ ਕੀਤੇ ਹਨ।
ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।