ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ
ਪਟਿਆਲਾ, 15 ਸਤੰਬਰ:
ਜ਼ਿਲ੍ਹਾ ਤੇ ਸੈਸ਼ਨ ਜੱਜ ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਤਰਸੇਮ ਮੰਗਲਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ. -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਸੁਸ਼ਮਾ ਦੇਵੀ ਵੀ ਹਾਜ਼ਰ ਸਨ।
ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਖੁੱਲ੍ਹ ਕੇ ਗੱਲਬਾਤ ਕੀਤੀ ਗਈ। ਉਨ੍ਹਾਂ ਜੇਲ੍ਹ ਦੀ ਰਸੋਈ ਅਤੇ ਬੰਦੀਆਂ/ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਵੀ ਜਾਂਚ ਕੀਤੀ ਅਤੇ ਜੇਲ੍ਹ ਵਿੱਚ ਬਣੀ ਫੈਕਟਰੀ ਦਾ ਵੀ ਦੌਰਾ ਕੀਤਾ।
ਉਨ੍ਹਾਂ ਜੇਲ੍ਹ ਪ੍ਰਬੰਧਕਾਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਕੈਦੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਫ਼ੋਨ ਨੰਬਰ 0175-2306500 ਉਤੇ ਸੰਪਰਕ ਕੀਤਾ ਜਾ ਸਕਦਾ ਹੈ।