ਸਕੂਲ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਕੀਤਾ ਜਾਗਰੂਕ
ਪਟਿਆਲਾ, 21 ਅਕਤੂਬਰ:
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਤੇ ਪਰਾਲੀ ਪ੍ਰਬੰਧਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਹਾਈ ਸਕੂਲ, ਲਚਕਣੀ, ਪਟਿਆਲਾ ਵਿਖੇ ਕਰਵਾਇਆ ਗਿਆ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੇਖ ਰਚਨਾ, ਭਾਸ਼ਣ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਵਿਪਨ ਕੁਮਾਰ ਰਾਮਪਾਲ ਨੇ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਇਨ ਸੀਟੂ ਤੇ ਐਕਸ ਸੀਟੂ ਸਬੰਧੀ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।
ਡਾ. ਗੁਰਨਾਜ ਸਿੰਘ ਗਿੱਲ ਨੇ ਝੋਨੇ ਦੀ ਪਰਾਲੀ ਵਿਚਲੇ ਵੱਖ-ਵੱਖ ਤੱਤਾਂ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਲਈ ਵਰਤੀ ਜਾਂਦੀ ਖੇਤੀ ਮਸ਼ੀਨਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਲੇਖ ਰਚਨਾ, ਭਾਸ਼ਣ ਤੇ ਪੇਂਟਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਰਜ਼ੀਨਾ, ਇਸ਼ਰਤ ਅਤੇ ਕਮਨਜੋਤ ਕੌਰ ਨੂੰ ਇਨਾਮ ਤਕਸੀਮ ਕੀਤੇ ਗਏ। ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਨੇ ਸਮੂਹ ਸਟਾਫ਼ ਅਤੇ ਕੇ.ਵੀ.ਕੇ. ਰੌਣੀ ਦੇ ਵਿਗਿਆਨੀਆਂ ਦਾ ਧੰਨਵਾਦ ਕੀਤਾ।