ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵਾਹਨਾਂ ਦੀ ਕੀਤੀ ਜਾਂਚ
ਪਟਿਆਲਾ, 6 ਦਸੰਬਰ:
ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਜ਼ਿਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਤਿੰਨ ਵਾਹਨਾਂ ਦੇ ਚਲਾਨ ਵੀ ਕੀਤੇ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਸਕੂਲਾਂ ਦੇ ਪ੍ਰਬੰਧਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਕਿ ਬੱਸਾਂ ਵਿੱਚ ਅਟੈਂਡੈਂਟ ਦਾ ਹੋਣਾ, ਵਰਦੀ, ਫਸਟ ਏਡ ਬਾਕਸ ਸਮੇਤ ਅੱਗ ਬਝਾਊ ਯੰਤਰ ਆਦਿ ਸਬੰਧੀ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਅੱਜ ਸਕੂਲ ਵਾਹਨ ਦੀ ਜਾਂਚ ਕਰਕੇ ਨਿਯਮਾਂ ਨੂੰ ਪੂਰਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਹਨ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਟਰੈਫ਼ਿਕ ਪੁਲਿਸ ਦੇ ਮੁਲਾਜ਼ਮ ਵੀ ਮੌਜੂਦ ਸਨ।