ਕਣਕ ਦੀ ਖਰੀਦ ਤੇ ਲਿਫਟਿੰਗ ਦਾ ਜਾਇਜ਼ਾ ਮੀਟਿੰਗ ‘ਚ ਕਿਹਾ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ’
ਪਟਿਆਲਾ, 22 ਅਪ੍ਰੈਲ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਕਣਕ ਦੀ ਲਿਫਟਿੰਗ ਲਈ ਟੈਂਡਰ ਪਾਉਣ ਵਾਲੇ ਟਰਾਂਸਪੋਰਟ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਟੈਂਡਰ ਮੁਤਾਬਕ ਗੱਡੀਆਂ ਤੁਰੰਤ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅੱਜ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਪੁਰਾ ਦੀ ਮੰਡੀ ਸਮੇਤ ਹੋਰਨਾਂ ਮੰਡੀਆਂ, ਜਿੱਥੇ ਟਰਾਂਸਪੋਰਟ ਦੀ ਸਮੱਸਿਆ ਆ ਰਹੀ ਹੈ, ਨੂੰ ਹੱਲ ਕਰਨ ਲਈ ਟਰਾਂਸਪੋਰਟ ਠੇਕੇਦਾਰ ਨੂੰ ਕਿਹਾ ਕਿ ਜੇਕਰ ਉਹ ਤੁਰੰਤ ਗੱਡੀਆਂ ਮੁਹੱਈਆ ਕਰਵਾਉਣ ‘ਚ ਸਫ਼ਲ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਬਲੈਕਲਿਸਟ ਕਰਨ ਸਮੇਤ ਕਾਨੂੰਨੀ ਕਾਰਵਾਈ ਅਰੰਭੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਸੇ ਦੌਰਾਨ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਬੱਬਨਦੀਪ ਸਿੰਘ ਵਾਲੀਆ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ‘ਚੋਂ ਕਣਕ ਦੀ ਲਿਫਟਿੰਗ ਦੌਰਾਨ ਆ ਰਹੀ ਟਰਾਂਸਪੋਰਟ ਦੀ ਸਮੱਸਿਆ ਦੇ ਤੁਰੰਤ ਨਿਪਟਾਰੇ ਲਈ ਟਰਾਂਸਪੋਰਟ ਠੇਕੇਦਾਰਾਂ ਨਾਲ ਤਾਲਮੇਲ ਕਰਕੇ ਗੱਡੀਆਂ ਦੀ ਉਪਲੱਬਧਤਾ ਯਕੀਨੀ ਬਣਾਉਣ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰੋਜ਼ਾਨਾ ਲਿਫਟਿੰਗ ਲਈ ਮਿਥੇ 50 ਹਜ਼ਾਰ ਮੀਟ੍ਰਿਕ ਟਨ ਦੇ ਟੀਚੇ ਨੂੰ ਹਰ ਹਾਲ ‘ਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਮੰਡੀ ਵਾਈਜ਼ ਕਣਕ ਦੀ ਆਮਦ, ਖਰੀਦ ਤੇ ਲਿਫਟਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਬੀਤੀ ਸ਼ਾਮ ਤੱਕ 7 ਲੱਖ 54 ਹਜ਼ਾਰ 250 ਮੀਟ੍ਰਿਕ ਟਨ ਦੀ ਆਮਦ ਹੋਈ ਤੇ ਇਸ ‘ਚੋਂ 7 ਲੱਖ 51 ਹਜ਼ਾਰ 761 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਇੱਕ ਦਿਨ ‘ਚ ਕਣਕ ਦੀ 36688 ਮੀਟ੍ਰਿਕ ਟਨ ਆਮਦ ਹੋਈ ਹੈ ਜਦਕਿ 39073 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਇਸ ਮੀਟਿੰਗ ‘ਚ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਐਸ.ਡੀ.ਐਮਜ਼, ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਡਾ. ਰਵਿੰਦਰ ਕੌਰ, ਡੀ.ਐਮ.ਓ. ਅਜੇਪਾਲ ਸਿੰਘ ਬਰਾੜ ਸਮੇਤ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਮੌਜੂਦ ਸਨ।