ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ‘ਚੋਂ ਖਰੀਦੀ ਕਣਕ ਦੀ ਲਿਫਟਿੰਗ ਦਾ ਜਾਇਜ਼ਾ
ਪਟਿਆਲਾ, 28 ਅਪ੍ਰੈਲ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਜਾ ਚੁੱਕੀ ਕਣਕ ਦੀ ਲਿਫਟਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਰਿਕਾਰਡ 8 ਲੱਖ 64 ਹਜ਼ਾਰ 874 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਇਸ ਵਿਚੋਂ 8 ਲੱਖ 64 ਹਜ਼ਾਰ 859 ਮੀਟ੍ਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮਜ਼, ਡੀ.ਐਫ਼.ਐਸ.ਸੀ., ਡੀ.ਐਮ.ਓ. ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਦੱਸਿਆ ਕਿ ਖਰੀਦੀ ਕਣਕ ਦੀ 53.65 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਿਣਸ ਵੇਚਣ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ ਅਤੇ ਉਨ੍ਹਾਂ ਨੂੰ ਅਦਾਇਗੀ ਵੀ ਨਾਲੋ-ਨਾਲ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖਰੀਦ ਏਜੰਸੀ ਪਨਗ੍ਰੇਨ ਨੇ 2 ਲੱਖ 78 ਹਜ਼ਾਰ 765 ਮੀਟ੍ਰਿਕ ਟਨ ਕਣਕ ਦੀ ਖਰੀਦ ਕਰਕੇ 582.48 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ। ਮਾਰਕਫੈਡ ਨੇ 2 ਲੱਖ 6 ਹਜ਼ਾਰ 951 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਤੇ 410.31 ਕਰੋੜ ਰੁਪਏ ਦੀ ਅਦਾਇਗੀ ਹੋਈ, ਪਨਸਪ ਨੇ 1 ਲੱਖ 89 ਹਜ਼ਾਰ 193 ਮੀਟ੍ਰਿਕ ਟਨ ਕਣਕ ਦੀ ਖਰੀਦ ਕਰਕੇ 376 ਕਰੋੜ ਰੁਪਏ ਦੀ ਅਦਾਇਗੀ, ਵੇਅਰਹਾਊਸ ਨੇ 1 ਲੱਖ 49 ਹਜ਼ਾਰ 184 ਮੀਟ੍ਰਿਕ ਟਨ ਕਣਕ ਦੀ ਖਰੀਦ ਕਰਕੇ 317.02 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।