ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਤੇ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ
ਪਟਿਆਲਾ, 29 ਅਗਸਤ:
ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੇ ਨੁਮਾਇੰਦਿਆਂ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਮੈਡਮ ਕੰਚਨ ਨੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੇ ਨੁਮਾਇੰਦਿਆਂ ਨੂੰ ਸੀਜ਼ਨ ਦੌਰਾਨ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਲਈ ਬਣਾਈ ਰਣਨੀਤੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇੰਡਸਟਰੀ ਵੱਲੋਂ ਪਰਾਲੀ ਲੈਣ ਲਈ ਜੋ ਪਲਾਨ ਤਿਆਰ ਕੀਤਾ ਗਿਆ ਹੈ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਹੋਰ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੀ ਇੰਡਸਟਰੀ ਨੇ ਹਾਲੇ ਤੱਕ ਆਪਣਾ ਪਲਾਨ ਨਹੀਂ ਬਣਾਇਆ ਹੈ ਉਹ ਵੀ ਪਲਾਨ ਤਿਆਰ ਕਰੇ ਤਾਂ ਜੋ ਸਮੇਂ ਰਹਿੰਦੇ ਕੰਮ ਨੂੰ ਮੁਕੰਮਲ ਕੀਤਾ ਜਾ ਸਕੇ।
ਉਨ੍ਹਾਂ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਲਈ ਕਿਹਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਅੰਗਦ ਸਿੰਘ ਸੋਹੀ, ਡੀ.ਡੀ.ਪੀ.ਓ. ਵਨੀਤ ਜੋਸ਼ੀ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਗੁਰਕਰਨ ਸਿੰਘ, ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।