ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਮੌਕੇ ਬਾਬਾ ਸਾਹਿਬ ਦੀ ਦੇਣ ਨੂੰ ਯਾਦ ਕੀਤਾ
ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨਡਾ. ਭੀਮ ਰਾਓ ਅੰਬੇਡਕਰ ਦੇ ਅੱਜ 130ਵੇਂ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਆਨ-ਲਾਈਨ ਸਮਾਗਮ ਮੌਕੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਡਾ. ਅੰਬੇਡਕਰ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਮੌਕੇ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਣ ਸਮੇਤ ਆਧੁਨਿਕ ਭਾਰਤ ਅਤੇ ਭਾਰਤੀ ਸਮਾਜ ਦੇ ਵਿਕਾਸ ‘ਚ ਪਾਇਆ ਅਹਿਮ ਤੇ ਵਿਲੱਖਣ ਯੋਗਦਾਨ ਸਦਾ ਯਾਦ ਰਹੇਗਾ। ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਸਾਡੇ ਭਾਰਤੀ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਇਆ, ਉਨ੍ਹਾਂ ਦੀ ਦੇਣ ਲਾਮਿਸਾਲ ਹੈ।
ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ ਨੇ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਤਾਂ ਸਨ ਹੀ ਸਗੋਂ ਉਹ ਸਮੁਚੇ ਦੇਸ ਵਾਸੀਆਂ ਲਈ ਇੱਕ ਚਾਨਣ ਮੁਨਾਰਾ ਵੀ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਾਬਾ ਸਾਹਿਬ ਦੀ ਸੋਚ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਵੱਲੋਂ ਲਏ ਗਏ ਸੁਪਨੇ ਸਾਕਾਰ ਕਰ ਰਹੀ ਹੈ। ਸ੍ਰੀ ਮਲਹੋਤਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅੱਜ ਵੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਅੱਜ ਵੀ ਐਲਾਨ ਕੀਤੇ ਹਨ।
ਇਸ ਮੌਕੇ ਪਨਗ੍ਰੇਨ ਦੇ ਡਾਇਰੈਕਟਰ ਰਜਨੀਸ਼ ਸ਼ੋਰੀ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਮਹਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਨਗਰ ਨਿਗਮ ਦੇ ਡਿਪਟੀ ਮੇਅਰ ਵਿਨਤੀ ਸੰਗਰ, ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਯੂਥ ਕਾਂਗਰਸ ਪਟਿਆਲਾ ਸ਼ਹਿਰੀ ਹਲਕੇ ਦੇ ਪ੍ਰਧਾਨ ਅਨੁਜ ਖੋਸਲਾ, ਪੀ.ਐਸ.ਡੀ.ਆਈ.ਸੀ. ਦੇ ਡਾਇਰੈਕਟਰ ਹਿਮਾਂਸ਼ੂ ਝਾਅ ਵੀ ਮੌਜੂਦ ਸਨ। ਸਮਾਰੋਹ ਦੌਰਾਨ ਇਨ੍ਹਾਂ ਨੇ ਡਾ. ਅੰਬੇਦਕਰ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਬਾਬਾ ਸਾਹਿਬ ਨੂੰ ਸ਼ਰਧਾਪੂਰਵਕ ਸਤਿਕਾਰ ਭੇਟ ਕੀਤਾ।
ਇਸ ਤੋਂ ਮਗਰੋਂ ਡੀ.ਸੀ. ਕੁਮਾਰ ਅਮਿਤ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖ ਸਾਗਰ ਸਿੰਘ ਆਦਿ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਡਾ. ਅੰਬੇਡਕਰ ਦੇ ਬੁੱਤ ‘ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਆਪਣੀ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ।