Punjab-Chandigarh

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਖੂਨਦਾਨ ਕਰਕੇ ਦਿੱਤੀ ਸ਼ਰਧਾਂਜਲੀ 

ਚੰਡੀਗੜ੍ਹ/ਸੰਗਰੂਰ, 20 ਅਗਸਤ:

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਆਯੋਜਿਤ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਖੁਦ ਖੂਨਦਾਨ ਕਰਕੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। 

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਨਿਵੇਕਲਾ ਉਪਰਾਲਾ ਕਰਦੇ ਹੋਏ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਖੂਨ ਦੀ ਘਾਟ ਕਾਰਨ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਨ ਵਾਲੇ ਲੋੜਵੰਦਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖੂਨਦਾਨ ਉੱਤਮ ਦਾਨ ਹੈ ਅਤੇ ਇਸ ਤੋਂ ਵੱਡਾ ਕੋਈ ਹੋਰ ਦਾਨ ਨਹੀਂ ਹੈ।

ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। ਸ਼੍ਰੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਸੰਤਾਂ ਦੀ ਯਾਦ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਦਾ ਮਕਸਦ ਵੀ ਮਨੁੱਖਤਾ ਦੀ ਸੇਵਾ ਹੀ ਹੈ ਜਿਸ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ ਇੱਕ ਬੂੰਦ  ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੋਵੇਗੀ।

ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਰਬਪੱਖੀ ਵਿਕਾਸ ਲਈ ਸਾਰਥਕ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਕੁਝ ਸਮੇਂ ਵਿੱਚ ਲੋਕਾਂ ਨੂੰ ਹਲਕਾ ਸੁਨਾਮ ਵਿਕਾਸ ਦੀਆਂ ਲੀਹਾਂ ’ਤੇ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਦਾ ਕਾਇਆ ਕਲਪ ਵੀ ਉਨ੍ਹਾਂ ਦੇ ਮਿੱਥੇ ਟੀਚਿਆਂ ਵਿੱਚੋਂ ਇੱਕ ਹੈ ਜਿਸ ਦੇ ਚਲਦਿਆਂ ਜਲਦੀ ਹੀ ਇਥੇ ਵੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਅਨਾਜ ਮੰਡੀ ਲੌਂਗੋਵਾਲ ਵਿਖੇ ਆਯੋਜਿਤ ਖੂਨਦਾਨ ਕੈਂਪ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਖੂਨਦਾਨ ਕਰਨ ਵਾਲੇ ਵਾਲੰਟੀਅਰਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਦਿਆਂ ਲੋਕ ਸੇਵਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਖੂਨਦਾਨ ਕਰਕੇ ਆਪਣਾ ਵਿਲੱਖਣ ਯੋਗਦਾਨ ਪਾਉਣ ਲਈ ਹੌਂਸਲਾ ਅਫ਼ਜਾਈ ਕੀਤੀ। ਇਸ ਦੌਰਾਨ ਸਲਾਈਟ ਲੌਂਗੋਵਾਲ, ਨਿਰੰਕਾਰੀ ਮਿਸ਼ਨ, ਜੀਵਨ ਆਸ਼ਾ ਵੈਲਫੇਅਰ ਕਲੱਬ ਅਤੇ ਯੰਗ ਵੈਲਫੇਅਰ ਕਲੱਬ ਸਮੇਤ ਹੋਰ ਸਮਾਜ ਸੇਵੀ ਸੰਗਠਨਾਂ ਨੇ ਵੀ ਸਹਿਯੋਗ ਦਿੱਤਾ। ਵਣ ਮੰਡਲ ਸੰਗਰੂਰ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਾਰਿਆਂ ਨੂੰ ਮੁਫ਼ਤ ਬੂਟੇ ਵੰਡੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਨਵਰੀਤ ਕੌਰ ਸੇਖੋਂ, ਸੁਤੰਤਰਤਾ ਸੰਗਰਾਮੀ ਬੀਬੀ ਸ਼ਮਿੰਦਰ ਕੌਰ ਲੌਂਗੋਵਾਲ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਸਕੱਤਰ ਰੈਡ ਕਰਾਸ ਸੁਸਾਇਟੀ ਕ੍ਰਿਸ਼ਨ ਕੁਮਾਰ ਮਿੱਤਲ ਸਮੇਤ ਵੱਡੀ ਗਿਣਤੀ ਵਿੱਚ ਵਲੰਟੀਅਰਾਂ, ਆਗੂਆਂ, ਵਰਕਰਾਂ ਤੇ ਪਤਵੰਤਿਆਂ ਨੇ ਵੀ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।

Spread the love

Leave a Reply

Your email address will not be published. Required fields are marked *

Back to top button