ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਸਵੀਪ ਟੀਮ ਨੇ ਲਗਾਏ ਬੂਟੇ

ਪਟਿਆਲਾ, 27 ਸਤੰਬਰ:
ਜ਼ਿਲ੍ਹਾ ਸਵੀਪ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਤੀਰ ਅੰਦਾਜ਼ੀ ਦੇ ਖਿਡਾਰੀਆਂ ਅਤੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਫਲਦਾਰ ਬੂਟੇ ਲਗਾਏ ਗਏ। ਇਸ ਪ੍ਰੋਗਰਾਮ ਦੌਰਾਨ ਵਿਸ਼ੇਸ਼ ਮਹਿਮਾਨ ਵੱਜੋ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਯੋਜਨ ਨੋਡਲ ਅਫ਼ਸਰ ਸਵੀਪ ਹਲਕਾ ਸਨੌਰ ਸਤਵੀਰ ਸਿੰਘ ਗਿੱਲ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਆਰਚਰੀ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਮੈਦਾਨ ਤੋਂ ਉੱਭਰੇ ਅੰਤਰਰਾਸ਼ਟਰੀ ਤੀਰ ਅੰਦਾਜ਼ੀ ਖਿਡਾਰੀ ਅਮਨ ਸੈਣੀ, ਗੁਰਿੰਦਰ ਸਿੰਘ, ਪ੍ਰਨੀਤ ਕੌਰ ਅਤੇ ਤਨੀਸ਼ਾ ਸਮੇਤ ਸਮੂਹ ਖਿਡਾਰੀਆਂ ਨੇ ਜਿੱਥੇ ਬੂਟੇ ਲਗਾਏ ਉਥੇ ਨੌਜਵਾਨ ਵੋਟਰਾਂ ਨੂੰ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੋਲਦਿਆਂ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਉਪਰ ਚਾਨਣਾ ਪਾਉਂਦਿਆਂ ਉਨ੍ਹਾਂ ਦੀ ਸੋਚ ਦੇ ਹਿੰਦੁਸਤਾਨ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਲਾਮਬੱਧ ਹੋ ਸਮਾਜਿਕ ਬੁਰਾਈਆਂ ਖਿਲਾਫ ਇੱਕਮੁੱਠ ਹੋ ਕੇ ਕਰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਬੋਲਦਿਆਂ ਸਤਬੀਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਵੀ ਪੰਜਾਬੀ ਯੂਨੀਵਰਸਿਟੀ ਮਾਡਲ ਸਕੂਲ ਦੇ ਵਿਦਿਆਰਥੀ ਰਹੇ ਹਨ। ਉਹਨਾਂ ਦੱਸਿਆ ਕਿ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਦੇ ਨਾਲ ਨਾਲ ਸਮਾਜਿਕ ਜ਼ੁੰਮੇਵਾਰੀਆਂ ਪ੍ਰਤੀ ਵੀ ਚੇਤਨਾ ਲਹਿਰ ਚਲਾਈ ਜਾ ਰਹੀ ਹੈ। ਤੀਰ ਅੰਦਾਜ਼ੀ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਹਰ ਇੱਕ ਖਿਡਾਰੀ ਨੂੰ ਆਪਣੇ ਜਨਮ ਦਿਨ ਮੌਕੇ ਬੂਟੇ ਲਾਉਣ ਦੀ ਅਪੀਲ ਕੀਤੀ।