Punjab-ChandigarhTop News

ਭਗਵੰਤ ਮਾਨ ਨੇ 14 ਅਤੇ 17 ਜੂਨ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਲੁਆਈ ਲਈ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਉਣ ਸਬੰਧੀ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ

 ਚੰਡੀਗੜ੍ਹ, 13 ਜੂਨ:

ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 14 ਜੂਨ ਅਤੇ 17 ਜੂਨ ਤੋਂ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 10 ਤੋਂ 17 ਜੂਨ ਤੱਕ ਸੂਬੇ ਭਰ ਵਿੱਚ ਪੜਾਅਵਾਰ ਝੋਨੇ ਦੀ ਲੁਆਈ ਦੀ ਆਗਿਆ ਦੇ ਕੇ ਧਰਤੀ ਹੇਠਲੇ ਪਾਣੀ ਦੇ ਰੂਪ ਵਿੱਚ ਸੂਬੇ ਦੇ ਬੇਸ਼ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਲਈ ਇੱਕ ਸੰਜੀਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਉਨ੍ਹਾਂ ਨੂੰ ਵਡੇਰੇ ਲੋਕ ਹਿੱਤ ਖਾਸ ਕਰਕੇ ਸਾਡੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪਾਣੀ ਦੀ ਲਾਪਰਵਾਹੀ ਨਾਲ ਕੀਤੀ ਜਾ ਰਹੀ ਬਰਬਾਦੀ ਤੋਂ ਬਚਣ ਲਈ ਸੁਚੇਤ ਕੀਤਾ। ਉਨ੍ਹਾਂ ਨੇ ਸੂਬੇ ਦੇ ਸਭ ਤੋਂ ਕੀਮਤੀ ਕੁਦਰਤੀ ਸਰੋਤ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੇ ਭਾਈਵਾਲਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ।

ਇਸ ਦੌਰਾਨ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਵਿਸਥਾਰਤ ਹਦਾਇਤਾਂ ਦਿੱਤੀਆਂ ਹਨ ਕਿ ਹੋਰ ਵਰਗਾਂ ਦੇ ਖਪਤਕਾਰਾਂ ਖਾਸ ਕਰਕੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਉਨ੍ਹਾਂ ਨੂੰ ਗਰਮੀ ਦੇ ਪੀਕ ਸੀਜ਼ਨ ਦੌਰਾਨ ਨਿਯਮਤ ਬਿਜਲੀ ਸਪਲਾਈ ਮਿਲੇ।

ਜ਼ਿਕਰਯੋਗ ਹੈ ਕਿ ਪੀਐਸਪੀਸੀਐਲ ਵੱਲੋਂ 15,000 ਮੈਗਾਵਾਟ ਦੀ ਸੰਭਾਵਿਤ ਕੁੱਲ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਵਿਸਥਾਰਤ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਸ ਵਿੱਚ ਝੋਨੇ ਲਈ ਖੇਤੀ ਸੈਕਟਰ ਦੀ ਲੋੜ ਵੀ ਸ਼ਾਮਲ ਹੈ ਅਤੇ ਇਸ ਮੰਗ ਨੂੰ ਪੂਰਾ ਕਰਨ ਲਈ ਬਾਹਰੀ ਸੂਬੇ ਤੋਂ ਬਿਜਲੀ ਲੈਣ ਵਾਸਤੇ ਟਰਾਂਸਮਿਸ਼ਨ ਸਮਰੱਥਾ ਨੂੰ ਪਿਛਲੇ ਸੀਜ਼ਨ ਦੇ 7100 ਦੇ ਮੁਕਾਬਲੇ 8500 ਮੈਗਾਵਾਟ ਤੱਕ ਵਧਾ ਦਿੱਤਾ ਗਿਆ ਹੈ ਅਤੇ 6500 ਮੈਗਾਵਾਟ ਬਾਕੀ ਬਿਜਲੀ ਦਾ ਪ੍ਰਬੰਧ ਸੂਬੇ ਅੰਦਰਲੇ ਆਪਣੇ ਸਰੋਤਾਂ ਤੋਂ ਕੀਤਾ ਜਾ ਰਿਹਾ ਹੈ।

ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅਨੁਮਾਨਾਂ ਅਨੁਸਾਰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਲਗਭਗ 29 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਬੀਜਣ ਦੀ ਸੰਭਾਵਨਾ ਹੈ, ਜਿਸ ਵਿੱਚੋਂ 6.50 ਲੱਖ ਹੈਕਟੇਅਰ ਰਕਬੇ ਵਿੱਚ ਉੱਚ ਗੁਣਵੱਤਾ ਵਾਲੀ ਬਾਸਮਤੀ ਦੀ ਬਿਜਾਈ ਤੋਂ ਇਲਾਵਾ 22.80 ਲੱਖ ਹੈਕਟੇਅਰ ਦੇ ਬਾਕੀ ਬਚੇ ਰਕਬੇ ‘ਤੇ ਝੋਨੇ ਦੀਆਂ ਹੋਰ ਕਿਸਮਾਂ ਦੀ ਬਿਜਾਈ ਹੋਣ ਦੀ ਸੰਭਾਵਨਾ ਹੈ।

ਝੋਨੇ ਦੀ ਕਾਸ਼ਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਤੋਂ ਪਾਰ ਕੰਡਿਆਲੀ ਨਾਲ ਲੱਗਦੇ ਖੇਤਰਾਂ ਵਿੱਚ ਪਹਿਲੇ ਪੜਾਅ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ 14 ਜੂਨ ਤੋਂ 10 ਜ਼ਿਲ੍ਹਿਆਂ ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ ਅਤੇ ਐਸ.ਏ.ਐਸ.ਨਗਰ ਲਈ ਨਿਰਵਿਘਨ ਬਿਜਲੀ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬਾਕੀ ਰਹਿੰਦੇ ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਲੁਧਿਆਣਾ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਮਾਨਸਾ, ਮੋਗਾ ਅਤੇ ਫਾਜ਼ਿਲਕਾ ਨੂੰ ਵੀ 17 ਜੂਨ ਤੋਂ ਲੁਆਈ ਲਈ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ।

Spread the love

Leave a Reply

Your email address will not be published. Required fields are marked *

Back to top button