ਪਿੰਡਾਂ ਦੇ ਵਿਕਾਸ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ : ਕੈਬਨਿਟ ਮੰਤਰੀ
ਸਮਾਣਾ/ਪਟਿਆਲਾ, 19 ਮਈ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਚੱਲ ਰਹੇ ਕੰਮ ‘ਚ ਹੋਰ ਤੇਜ਼ੀ ਲਿਆਉਣ ਤੇ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸ ਲੜੀ ਤਹਿਤ ਜਿਥੇ ਪਿੰਡਾਂ ਤੇ ਸ਼ਹਿਰਾਂ ‘ਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਉਥੇ ਹੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ ਤੇ ਮੌਕੇ ‘ਤੇ ਹੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰ ਰਹੀ ਹੈ ਜਿਸ ਤਹਿਤ ਜ਼ਿਲ੍ਹੇ ‘ਚ ਸਮੇਂ ਸਮੇਂ ‘ਤੇ ‘ਤੁਹਾਡੀ ਸਰਕਾਰ ਤੁਹਾਡੇ ਦੁਆਰ’ ਤਹਿਤ ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।
ਇਸ ਮੌਕੇ ਓ.ਐਸ.ਡੀ. ਗੁਲਜਾਰ ਸਿੰਘ, ਬਲਕਾਰ ਸਿੰਘ ਗੱਜੂਮਾਜਰਾ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫੌਜੀ, ਸੋਨੂੰ ਥਿੰਦ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।