ਚੰਦਰ ਗੈਂਦ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ‘ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Shiv Kumar:
ਪਟਿਆਲਾ, 20 ਨਵੰਬਰ: ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ‘ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ੍ਰੀ ਚੰਦਰ ਗੈਂਦ ਨੇ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਅਮਲੋਹ, ਬਸੀ ਪਠਾਣਾ ਤੇ ਫ਼ਤਿਹਗੜ੍ਹ ਸਾਹਿਬ ਦੇ ਐਸ.ਡੀ.ਐਮਜ-ਕਮ-ਇਲੈਕਟ੍ਰੋਲ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓਜ) ਕ੍ਰਮਵਾਰ ਜੀਵਨ ਜੋਤ ਕੌਰ, ਯਸ਼ਪਾਲ ਤੇ ਹਿਮਾਂਸ਼ੂ ਗੁਪਤਾ ਸਮੇਤ ਚੋਣ ਤਹਿਸੀਲਦਾਰ ਨਾਲ ਇੱਕ ਬੈਠਕ ਕੀਤੀ।
ਵਿਧਾਨ ਸਭਾ ਹਲਕਾ ਵਾਰ ਆਗਾਮੀ ਚੋਣਾਂ ਬਾਰੇ ਤਿਆਰੀਆਂ ਦਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰ ਪੱਖੋਂ ਬਰੀਕੀ ਨਾਲ ਜਾਇਜ਼ਾ ਲੈਣ ਮੌਕੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਨਿਰਵਿਘਨ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਜਲਦੀ ਤੋਂ ਜਲਦੀ ਮੁਕੰਮਲ ਕੀਤੀਆਂ ਜਾਣ।
ਸ੍ਰੀ ਚੰਦਰ ਗੈਂਦ ਨੇ ਅਧਿਕਾਰੀਆਂ ਨੂੰ ਵੋਟਾਂ ਬਣਵਾਉਣ ਤੋਂ ਪਿਛੇ ਰਹਿ ਗਏ ਨਾਗਰਿਕਾਂ, ਤੀਜੇ ਲਿੰਗ ਵਾਲੇ ਨਾਗਰਿਕਾਂ ਅਤੇ ਖਾਸ ਕਰਕੇ ਦਿਵਿਆਂਗਜਨਾਂ ਦੀਆਂ ਵੋਟਾਂ ਤੁਰੰਤ ਬਣਵਾਉਣ ਸਮੇਤ ਵੋਟਰਾਂ ਨੂੰ ਆਪਣੀਆਂ ਵੋਟਾਂ ਪਾਉਣ ਅਤੇ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤੇਜ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਨੇ ਟੋਲ ਫਰੀ ਨੰਬਰ 1950 ਨੂੰ ਵੀ ਸੁਚਾਰੂ ਰੂਪ ‘ਚ ਚਲਾਉਣ ਹਦਾਇਤ ਕਰਨ ਸਮੇਤ ਵਿਧਾਨ ਸਭਾ ਹਲਕਿਆਂ ‘ਚ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਨਵੇਂ ਸਿਰੇ ਤੋਂ ਪਛਾਣ ਕਰਨ ਲਈ ਆਖਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਸ੍ਰੀ ਚੰਦਰ ਗੈਂਦ ਨੂੰ ਦੱਸਿਆ ਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ‘ਚ ਇਸ ਸਮੇਂ 4 ਲੱਖ 47 ਹਜ਼ਾਰ 117 ਕੁਲ ਵੋਟਰ ਹਨ। ਉਨ੍ਹਾਂ ਦੱਸਿਆ ਕਿ ਫ਼ਤਿਹਗੜ੍ਹ ਸਾਹਿਬ ਵਿਖੇ ਦਸੰਬਰ ਮਹੀਨੇ ਦੇ ਅਖ਼ੀਰ ‘ਚ ਛੋਟੇ ਸਾਹਿਬਜਾਦਿਆਂ ਦੀ ਯਾਦ ‘ਚ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ।