Punjab-Chandigarh

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ

ਪਟਿਆਲਾ, 20 ਜੂਨ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਰਣਨੀਤੀ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾ ਸਾਰੇ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਤੋਂ ਬਚਾਅ ਦੇ ਸਾਰੇ ਚੱਲ ਰਹੇ ਕੰਮ 30 ਜੂਨ 2023 ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿਨ੍ਹਾਂ ਖੇਤਰਾਂ ਵਿੱਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਬਣੀ ਸੀ, ਉਨ੍ਹਾਂ ਖੇਤਰਾਂ ‘ਚ ਵਿਸ਼ੇਸ਼ ਤੌਰ ‘ਤੇ ਕੰਮ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਬੰਧਤ ਵਿਭਾਗ ਆਪਣੇ ਆਪਣੇ ਖੇਤਰ ਦੇ ਪਾਣੀ ਦੀ ਜਾਂਚ ਵੀ ਕਰਵਾਉਣ।
ਸਾਕਸ਼ੀ ਸਾਹਨੀ ਨੇ ਸਬ ਡਵੀਜ਼ਨ ਪੱਧਰ ਦੇ ਪਲਾਨ ‘ਤੇ ਗੱਲ ਕਰਦਿਆਂ ਕਿਹਾ ਕਿ ਐਸ.ਡੀ.ਐਮ. ਦੀ ਅਗਵਾਈ ‘ਚ ਟੀਮਾਂ ਦਾ ਗਠਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ ‘ਚ ਤੁਰੰਤ ਐਕਸ਼ਨ ਲਿਆ ਜਾ ਸਕੇ। ਉਨ੍ਹਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬਣਾਏ ਗਏ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਬਣਾਈ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਸੰਭਾਵਤ ਹੜ੍ਹਾਂ ਵਾਲੇ ਸੰਵੇਦਨਸ਼ੀਲ ਸਥਾਨਾਂ ਅਤੇ ਨੀਂਵੇਂ ਖੇਤਰਾਂ ਲਈ ਵਿਸ਼ੇਸ਼ ਕਾਰਜ ਯੋਜਨਾ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਭਾਰਤੀ ਫ਼ੌਜ, ਪੁਲਿਸ, ਸਿਹਤ ਤੇ ਖੁਰਾਕ ਤੇ ਸਿਵਲ ਸਪਲਾਈਜ਼, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ ‘ਤੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪੁਲੀਆਂ, ਕਲਵਰਟ, ਸਾਈਫ਼ਨ, ਨਹਿਰਾਂ, ਨਾਲਿਆਂ ਤੇ ਛੱਪੜਾਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ ਤਿਆਰ ਕਰਨ ਨੂੰ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਕੰਮ ‘ਚ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਸਾਰੇ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ।
ਮੀਟਿੰਗ ‘ਚ ਏ.ਡੀ.ਸੀ ਜਗਜੀਤ ਸਿੰਘ, ਐਸ.ਪੀ. ਹਰਵੰਤ ਕੌਰ, ਸਮੂਹ ਐਸ.ਡੀ.ਐਮਜ਼, ਡੀ.ਆਰ.ਓ. ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Spread the love

Leave a Reply

Your email address will not be published. Required fields are marked *

Back to top button