ਡਿਪਟੀ ਕਮਿਸ਼ਨਰ ਵੱਲੋਂ ਛੋਟੀ ਤੇ ਵੱਡੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ
ਪਟਿਆਲਾ, 7 ਅਕਤੂਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਪਟਿਆਲਾ ਵਾਸੀਆਂ ਲਈ ਸਰਾਪ ਬਣੀਆਂ ਇਨ੍ਹਾਂ ਦੋਵਾਂ ਨਦੀਆਂ ਦੇ ਸੁੰਦਰੀਕਰਨ ਮਗਰੋਂ ਇਹ ਸੈਰਗਾਹ ਦਾ ਮਹੱਤਵਪੂਰਨ ਪ੍ਰਾਜੈਕਟ ਸਾਬਤ ਹੋਣਗੀਆਂ।
ਸਾਕਸ਼ੀ ਸਾਹਨੀ ਨੇ ਨਦੀ ਕਿਨਾਰੇ ਬਣਨ ਵਾਲੇ 30 ਅਤੇ 26 ਐਮ.ਐਲ.ਡੀ. ਦੇ ਐਸ.ਟੀ.ਪੀਜ਼ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਲ ਨਿਕਾਸ ਵਿਭਾਗ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ, ਜਿਨ੍ਹਾਂ ਵੱਲੋਂ ਇਸ ਕੰਮ ਨੂੰ ਸਾਂਝੇ ਤੌਰ ‘ਤੇ ਨੇਪਰੇ ਚੜ੍ਹਾਇਆ ਜਾ ਰਿਹਾ ਹੈ ਸਮੇਤ ਪੀ.ਡੀ.ਏ., ਜੰਗਲਾਤ ਅਤੇ ਜੰਗਲੀ ਜੀਵ, ਬਿਜਲੀ ਨਿਗਮ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਚੱਲ ਰਹੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ।
ਜਿਕਰਯੋਗ ਹੈ ਕਿ ਵੱਡੀ ਨਦੀ ਸ਼ਿਵਾਲਿਕ ਦੀਆਂ ਪਹਾੜੀਆਂ ਨੇੜਿਓਂ ਤੇ ਮੋਹਾਲੀ ਜ਼ਿਲ੍ਹੇ ‘ਚੋਂ ਚੱਲਦੀ ਹੈ, ਜਿਸ ਦੇ ਨਾਲ ਹੀ ਪਟਿਆਲਾ ਦੀ ਛੋਟੀ ਨਦੀ ਦੀ ਪੁਨਰ-ਸੁਰਜੀਤੀ, ਨਵੀਨੀਕਰਨ ਤੇ ਸੁੰਦਰੀਕਰਨ ਲਈ 208.33 ਕਰੋੜ ਰੁਪਏ ਦਾ ਪ੍ਰਾਜੈਕਟ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੂੰ ਇੱਕ ਸੈਰਗਾਹ ਵਜੋਂ ਵਿਕਸਤ ਕਰਨਾ, ਪੰਜਾਬ ਸਰਕਾਰ ਦਾ ਇੱਕ ਅਹਿਮ ਪ੍ਰਾਜੈਕਟ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਨੂੰ ਜਲਦ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮੀਟਿੰਗ ਵਿੱਚ ਪੀ.ਡੀ.ਏ. ਦੇ ਏ.ਸੀ.ਏ. ਗੌਤਮ ਜੈਨ, ਡੀ.ਐਫ.ਓ. ਜੰਗਲੀ ਜੀਵ ਨੀਰਜ ਕੁਮਾਰ, ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਤੇ ਗਗਨਦੀਪ ਸਿੰਘ ਗਿੱਲ, ਬਿਜਲੀ ਨਿਗਮ ਦੇ ਵਧੀਕ ਐਸ.ਈ. ਜੇ. ਐਸ. ਟਿਵਾਣਾ, ਜਲ ਸਪਲਾਈ ਤੇ ਸੀਵਰੇਜ ਬੋਰਡ ਤੋਂ ਜੁਗਲ ਕਿਸ਼ੋਰ, ਪੀ.ਡੀ.ਏ. ਦੇ ਐਸ.ਡੀ. ਪ੍ਰੀਤੀ ਪਾਲ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ। ਜਦੋਂਕਿ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਤੇ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਗ ਲਿਆ। ਵਿਭਾਗੀ ਅਧਿਕਾਰੀਆਂ ਨੇ ਇਨ੍ਹਾਂ ਨਦੀਆਂ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਤੋਂ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ।