Punjab-Chandigarh

ਹਰ ਬੁਖ਼ਾਰ ਨੂੰ ਸ਼ੱਕੀ ਕੇਸ ਮੰਨਦੇ ਹੋਏ ਟੈਸਟ ਜਰੂਰ ਕਰਵਾਉ-ਸਾਕਸ਼ੀ ਸਾਹਨੀ

ਪਟਿਆਲਾ, 10 ਅਕਤੂਬਰ:
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਜੂਦਾ ਨਮੀ ਅਤੇ ਬਾਰਿਸ਼ ਦੇ ਮੌਸਮ ਕਰਕੇ ਮੱਛਰਾਂ ਦੀ ਤਾਦਾਦ ਵਿੱਚ ਵਾਧੇ ਦੇ ਆਸਾਰ ਹੋਣ ਕਾਰਨ ਡੇਂਗੂ ਬੁਖ਼ਾਰ ਦੇ ਕੇਸਾਂ ਵਿੱਚ ਵਾਧਾ ਹੋ ਸਕਦਾ ਹੈ, ਇਸ ਲਈ ਹਰ ਬੁਖ਼ਾਰ ਨੂੰ ਸ਼ੱਕੀ ਕੇਸ ਮੰਨਦੇ ਹੋਏ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰੀ ਰਾਜਿੰਦਰਾ, ਮਾਤਾ ਕੌਸ਼ੱਲਿਆ ਹਸਪਤਾਲ, ਸਿਵਲ ਹਸਪਤਾਲ ਨਾਭਾ ਅਤੇ ਰਾਜਪੁਰਾ ਵਿਖੇ ਡੇਂਗੂ ਦੇ ਟੈਸਟ ਮੁਫ਼ਤ ਹੁੰਦੇ ਹਨ ਅਤੇ ਬਾਕੀ ਸਰਕਾਰੀ ਹਸਪਤਾਲਾਂ ਵਿੱਚ ਸੈਂਪਲ ਭਰਕੇ ਰਿਪੋਰਟ ਇਨ੍ਹਾਂ ਹਸਪਤਾਲਾਂ ਤੋਂ ਕਰਵਾਈ ਜਾਂਦੀ ਹੈ, ਇਸ ਲਈ ਲੋਕ ਅਣਗਹਿਲੀ ਨਾ ਕਰਨ ਅਤੇ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਟੈਸਟ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਡੇਂਗੂ ਬਿਮਾਰੀ ਦੀ ਸਮੀਖਿਆ ਕਰਨ ਲਈ ਕਮਿਸ਼ਨਰ ਨਗਰ ਨਿਗਮ ਅਦਿੱਤਿਆ ਉਪਲ, ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਸਿਵਲ ਸਰਜਨ ਡਾ. ਰਾਜੂ ਧੀਰ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਿਹੜੇ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਦਾ ਹੈ, ਉਸਦਾ ਚਲਾਨ ਜਰੂਰ ਕੱਟਿਆ ਜਾਵੇ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਡੇਂਗੂ ਬਿਮਾਰੀ ਤੋਂ ਬਚਾਅ ਲਈ ਡੇਂਗੂ ਲਾਰਵੇ ਦੀ ਚੈਕਿੰਗ ਤੇਜ ਕਰਨ, ਫਾਗਿੰਗ ਕਰਨ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰਨ ਲਈ ਮੁਹਿੰਮ ਤੇਜ ਕਰਨ ਦੀ ਹਦਾਇਤ ਵੀ ਕੀਤੀ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਡੇਂਗੂ ਮੱਛਰ ਦੀ ਪੈਦਾਵਾਰ ਪੰਚਾਇਤਾਂ, ਸਥਾਨਕ ਸਰਕਾਰਾਂ, ਸਿਹਤ ਵਿਭਾਗ ਅਤੇ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ, ਇਸ ਲਈ ਆਮ ਲੋਕ ਆਪਣੇ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਖੜ੍ਹੇ ਪਾਣੀ ਅਤੇ ਡੇਂਗੂ ਮੱਛਰ ਦੀ ਪੈਦਾਇਸ਼ ਦੇ ਸਰੋਤ ਨੂੰ ਤੁਰੰਤ ਖ਼ਤਮ ਕਰਨ।
ਇਸ ਤੋਂ ਬਿਨ੍ਹਾਂ ਆਪਣੇ ਘਰਾਂ ਦੇ ਅੰਦਰ ਸਾਫ਼ ਪਾਣੀ ਨਾ ਖੜ੍ਹਾ ਹੋਣ ਦਿੱਤਾ। ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਹਫ਼ਤੇ ‘ਚ ਇੱਕ ਦਿਨ ਜਾਂ ਹਰ ਸ਼ੁੱਕਰਵਾਰ ਨੂੰ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾਵੇ ਤੇ ਡੇਂਗੂ ਮੱਛਰ ਐਡੀਜ ਦੀ ਪੈਦਾਵਾਰ ਰੋਕੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੂਰੀਆਂ ਬਾਹਵਾਂ ਦੀਆਂ ਕਮੀਜਾਂ ਪੁਆਈਆਂ ਜਾਣ ਅਤੇ ਦਿਨ ਸਮੇਂ ਮੱਛਰ ਦੇ ਕੱਟਣ ਤੋਂ ਬਚਾਅ ਰੱਖਿਆ ਜਾਵੇ।

Spread the love

Leave a Reply

Your email address will not be published. Required fields are marked *

Back to top button