ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
Harpreet Kaur ( TMT)
ਪਟਿਆਲਾ, 5 ਮਈ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਵਿਭਾਗ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨ ਪੱਧਰ ‘ਤੇ ਚੱਲ ਰਹੇ ਕੰਮਾਂ ਦੀ ਇਕ ਵਿਸਥਾਰਤ ਰਿਪੋਰਟ ਬਣਾਈ ਜਾਵੇ ਅਤੇ ਕੰਮਾਂ ਦੇ ਹਿਸਾਬ ਨਾਲ ਲੋੜੀਂਦੇ ਫੰਡਾਂ ਦੀ ਜ਼ਰੂਰਤ ਨੂੰ ਵੀ ਦਰਸਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗਾਂ ਨੇ ਲੋਕਾਂ ਦੀ ਸਹੂਲਤ ਲਈ ਜੇਕਰ ਕੋਈ ਨਵਾਂ ਵਿਕਾਸ ਕਾਰਜ ਸ਼ੁਰੂ ਕਰਵਾਉਣਾ ਹੈ ਤਾਂ ਉਸ ਦਾ ਪਲਾਨ ਤਿਆਰ ਕਰਕੇ ਵੀ ਭੇਜਿਆ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਹੁਣ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਲੇਟ ਨਾ ਹੋਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਕਸਦ ਵੱਖ ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ‘ਚ ਤੇਜ਼ੀ ਲਿਆਉਣਾ ਹੈ।
ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਭਲਾਈ ਦੇ ਕੰਮਾਂ ਲਈ ਸੀ.ਐਸ.ਆਰ. ਫ਼ੰਡਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ, ਜਿਸ ਤਰ੍ਹਾਂ ਪਿਛਲੇ ਵਿੱਤੀ ਸਾਲ ‘ਚ ਪਟਿਆਲਾ ਜ਼ਿਲ੍ਹੇ ‘ਚ ਸੀ.ਐਸ.ਆਰ. ਫ਼ੰਡਾਂ ਰਾਹੀ ਕੰਮ ਹੋਏ ਹਨ, ਉਸੇ ਤਰ੍ਹਾਂ ਇਸ ਸਾਲ ਵੀ ਅਧਿਕਾਰੀ ਆਪਣੇ ਖੇਤਰ ‘ਚ ਅਜਿਹੇ ਕੰਮਾਂ ਨੂੰ ਕਰਵਾਉਣ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਹੋ ਸਕੇ।
ਮੀਟਿੰਗ ‘ਚ ਡੀ.ਐਫ.ਓ. ਵਿੱਦਿਆ ਸਾਗਰੀ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆਂ ਸਮੇਤ ਸਮੂਹ ਵਿਭਾਗ ਦੇ ਅਧਿਕਾਰੀ ਮੌਜੂਦ ਸਨ।