Punjab-Chandigarh

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ‘ਚ ਅਹਿਮ ਮਾਮਲਿਆਂ ‘ਤੇ ਚਰਚਾ

ਪਟਿਆਲਾ, 24 ਫਰਵਰੀ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਕਿਹਾ ਹੈ ਕਿ 12 ਮਾਰਚ 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਵੀ ਰਾਜ਼ੀਨਾਮਾ ਯੋਗ ਅਤੇ ਗ਼ੈਰ ਅਪਰਾਧਕ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਐਸ.ਪੀ. ਡਾ. ਸੰਦੀਪ ਗਰਗ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਇਸ ਮੀਟਿੰਗ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਜ ਪ੍ਰਣਾਲੀ ਦਾ ਲੇਖਾ ਜੋਖਾ ਕਰਦਿਆਂ ਜਿੱਥੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਜਲਦੀ ਨਿਆਂ ਦਿਵਾਉਣ ‘ਤੇ ਚਰਚਾ ਕੀਤੀ ਗਈ ਉਥੇ ਹੀ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਉਣ ਬਾਰੇ ਵੀ ਵਿਚਾਰ ਕੀਤਾ ਗਿਆ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ 12 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ‘ਚ ਲੋਕਾਂ ਨੂੰ ਆਪਣੇ ਦਿਵਾਨੀ, ਮਾਲੀ ਤੇ ਗ਼ੈਰ ਅਪਰਾਧਕ ਅਤੇ ਰਾਜੀਨਾਮੇ ਯੋਗ ਮਾਮਲੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨੂੰ ਵੀ ਇਸ ਕੌਮੀ ਲੋਕ ਅਦਾਲਤ ‘ਚ ਰਾਜੀਨਾਮਾ ਯੋਗ ਕੇਸਾਂ ਨੂੰ ਨਿਬੇੜਨ ਲਈ ਭੇਜਣ ਵਾਸਤੇ ਆਖਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੇ.ਪੀ. ਘੁਮਾਣ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਸ੍ਰੀ ਅਗਰਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਜਾਂਚ ‘ਚ ਬੁਲਾਉਣ ਤੋਂ ਪਹਿਲਾਂ ਉਸਨੂੰ ਜੁਰਮ ਅਤੇ ਕਾਰਨ ਦੱਸਿਆ ਜਾਣਾ ਜਰੂਰੀ ਹੈ ਅਤੇ ਨਾਲ ਹੀ ਉਸਨੂੰ ਕਾਨੂੰਨੀ ਅਧਿਕਾਰਾਂ ਮੁਤਾਬਕ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਉਸ ਦੇ ਵੱਲੋਂ ਖ਼ੁਦ ਕਾਨੂੰਨੀ ਸਹਾਇਤਾ ਲਏ ਜਾਣ ਦੇ ਵੀ ਪ੍ਰਬੰਧ ਕੀਤੇ ਜਾਣ।
ਮੀਟਿੰਗ ‘ਚ ਵਧੀਕ ਸੈਸ਼ਨਜ਼ ਜੱਜ ਆਰ.ਕੇ. ਜੈਨ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਪਰਮਿੰਦਰ ਕੌਰ, ਸੀ.ਜੇ.ਐਮ. ਅਮਿਤ ਕੁਮਾਰ ਮੱਲ੍ਹਣ, ਕਮਲੇਸ਼ ਮੋਹਿੰਦਰੁ, ਡਾ. ਅਭਿਨੰਦਨ ਬੱਸੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਸੁਰਿੰਦਰ ਸਿੰਘ ਛਾਬੜਾ ਵੀ ਮੌਜੂਦ ਸਨ।

Spread the love

Leave a Reply

Your email address will not be published. Required fields are marked *

Back to top button