ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ
ਪਟਿਆਲਾ, 19 ਜੁਲਾਈ:
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀ ਤਰਸੇਮ ਮੰਗਲਾ ਨੇ ਕੇਂਦਰੀ ਜੇਲ੍ਹ, ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ। ਉਨ੍ਹਾਂ ਨੇ ਜੇਲ੍ਹ ਦੇ ਬੰਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਮਿਤ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ।
ਸ੍ਰੀ ਤਰਸੇਮ ਮੰਗਲਾ ਨੇ ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਵਧੀਕ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਕੈਦੀਆਂ ਦੀ ਸਿਹਤ ਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ।ਸੈਸ਼ਨਜ਼ ਜੱਜ ਨੇ ਜੇਲ ਦੇ ਜਨਾਨਾ ਅਹਾਤਾ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਰਸੋਈ ਅਤੇ ਜੇਲ੍ਹ ਦੇ ਕੈਦੀਆਂ/ਬੰਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵਤਾ ਦਾ ਜਾਇਜ਼ਾ ਲਿਆ ਅਤੇ ਖਾਣੇ ਸੰਬੰਧੀ ਕੈਦੀਆਂ ਦੀ ਮੁਸ਼ਕਲਾਂ ਸੁਣੀਆਂ।
ਸ੍ਰੀ ਤਰਸੇਮ ਮੰਗਲਾ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਸ੍ਰੀ ਮੰਗਲਾ ਨੇ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫੋਨ ਨੰਬਰ 0175-2306500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।