Punjab-ChandigarhTop News

ਪਟਾਕਿਆਂ ਦੀ ਵਿਕਰੀ ਤੇ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 3 ਅਕਤੂਬਰ:
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਤੀ 13 ਅਕਤੂਬਰ 2017 ਨੂੰ ਸਿਵਲ ਰਿਟ ਪਟੀਸ਼ਨ ਨੰਬਰ 23548 ਤਹਿਤ ਪਾਸ ਕੀਤੇ ਹੁਕਮਾਂ ਤਹਿਤ ਵੱਖ ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਏ ਜਾਣ।
ਉਨ੍ਹਾਂ ਦੱਸਿਆ ਕਿ ਦੁਸਹਿਰੇ ਮੌਕੇ ਦੁਸਹਿਰਾ ਕਮੇਟੀ ਜ਼ਿਲ੍ਹਾ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲਵੇਗੀ ਅਤੇ ਪਟਾਕੇ ਕੇਵਲ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਚਲਾਏ ਜਾ ਸਕਣਗੇ ਅਤੇ ਪਟਾਕੇ ਚਲਾਉਣ ਦੇ ਸਥਾਨ ਲੋਕਾਂ ਦੇ ਇਕੱਠ ਤੋਂ 30 ਮੀਟਰ ਦੇ ਘੇਰੇ ਦੂਰ ਹੋਣਗੇ। ਜਦੋਂਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ‘ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਰ ਕਿਹਾ ਕਿ ਵਿਆਹ ਸ਼ਾਦੀਆਂ ਦੇ ਸਮਾਗਮਾਂ ਸਮੇਂ ਪਟਾਕੇ ਆਦਿ ਚਲਾਉਣ ਲਈ ਮੈਰਿਜ ਪੈਲੇਸ ਮਾਲਕ ਵੱਲੋਂ ਇਸ ਸਬੰਧੀ ਲਾਇਸੈਂਸ ਲੈਣਾ ਲਾਜ਼ਮੀ ਹੋਵੇਗਾ ਤੇ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਬਿਨ੍ਹਾਂ ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੇਰੀ ਅਤੇ ਹੋਰ ਸਮਾਗਮਾਂ ਮੌਕੇ ਪਟਾਕਿਆਂ ਨੂੰ ਚਲਾਉਣ ਲਈ ਵੀ ਲਾਇਸੈਂਸ ਲੈਣਾ ਲਾਜ਼ਮੀ ਹੈ। ਇਸ ਦੌਰਾਨ ਸੰਘਣੀ ਵਸੋਂ ਵਾਲੇ ਇਲਾਕਿਆਂ ਅਤੇ ਅੱਗ ਲੱਗਣ ਵਾਲੇ ਸੰਭਾਵਤ ਖੇਤਰਾਂ ‘ਚ ਪਟਾਕੇ ਚਲਾਉਣ ਦੀ ਸੰਪੂਰਨ ਮਨਾਹੀ ਹੋਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ, ਪੁਲਿਸ., ਸਾਰੇ ਐਸ.ਡੀ.ਐਮਜ, ਸਿਵਲ ਸਰਜਨ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

Spread the love

Leave a Reply

Your email address will not be published. Required fields are marked *

Back to top button