ਪਟਿਆਲਾ ਵਾਸੀਆਂ ਨੂੰ 5 ਮਈ ਨੂੰ ਪੰਜ ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਜਾਣਗੇ
ਪਟਿਆਲਾ, 4 ਮਈ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ 5 ਮਈ ਨੂੰ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣ ਵਾਲੇ ਪੰਜ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਆਰਿਆ ਸਮਾਜ, ਅਨੰਦ ਨਗਰ-ਬੀ, ਤਫਜਲਪੁਰਾ, ਸਤਿਆ ਇਨਕਲੇਵ ਅਤੇ ਵੱਡਾ ਅਰਾਈਮਾਜਰਾ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਕਮਰਿਆਂ ਦਾ ਦੌਰਾ ਕੀਤਾ ਜਿੱਥੇ ਲੋੜੀਂਦੇ ਮੈਡੀਕਲ ਉਪਕਰਨਾਂ, ਦਵਾਈਆਂ ਦੀ ਉਪਲੱਬਧਤਾ ਆਦਿ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ 5 ਮਈ ਨੂੰ ਪੰਜ ਆਮ ਆਦਮੀ ਕਲੀਨਿਕ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।
ਆਮ ਆਦਮੀ ਕਲੀਨਿਕਾਂ ਦੇ ਹੋਏ ਕੰਮ ‘ਤੇ ਤਸੱਲੀ ਪ੍ਰਗਟ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਨਵੇਂ ਕਲੀਨਿਕ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨ ਵਿੱਚ ਸਹਾਈ ਸਿੱਧ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 40 ਆਮ ਆਦਮੀ ਕਲੀਨਿਕ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਇਹ ਹਸਪਤਾਲਾਂ ‘ਤੇ ਬੋਝ ਘਟਾਉਣ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਉਹਨਾਂ ਕਿਹਾ ਕਿ ਇਹਨਾਂ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਆਮ ਬਿਮਾਰੀਆਂ ਦੇ ਇਲਾਜ ਲਈ ਦੂਰ ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਜ਼ਰੂਰਤ ਨਹੀ ਹੋਵੇਗੀ ਕਿਉਂਕਿ ਜਿਥੇ ਇਹਨਾਂ ਕਲੀਨਿਕਾਂ ਵਿੱਚ ਯੋਗ ਐਮ.ਬੀ.ਬੀ.ਐਸ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਜਾਵੇਗੀ ਉਥੇ ਮੁਫ਼ਤ ਦਵਾਈਆਂ ਦੇ ਨਾਲ ਨਾਲ ਲੋੜਵੰਦ ਮਰੀਜ਼ਾਂ ਦੇ ਖੂਨ ਪਿਸ਼ਾਬ ਦੇ ਟੈਸਟ ਵੀ ਕੀਤੇ ਮੁਫ਼ਤ ਕੀਤੇ ਜਾਣਗੇ।