Punjab-ChandigarhTop News

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਪੰਗ ਇਸਤਰੀਆਂ ਦੇ ਬਰਾਬਰੀ ਦੇ ਅਧਿਕਾਰ ਸਬੰਧੀ ਵਿਸ਼ੇ `ਤੇ ਸੈਮੀਨਾਰ

ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ

ਸਮਾਜਿਕ ਨਿਆ,  ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਬਾਰੇ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਇਸ ਪ੍ਰਤੀ ਨਾਕਾਰਤਮਕ ਸੋਚ ਜੋ ਕਿ ਸਾਡੀ ਮਾਨਸਿਕਤਾ ਦੇ ਅਵਚੇਤਨ ਵਿਚ ਪਈ ਉਸ ਨੂੰ ਦੂਰ ਕਰਨ ਦੀ ਲੋੜ ਹੈ ਅਤੇ ਇਕ ਅਜਿਹਾ ਸਮਾਜਿਕ ਮਾਹੌਲ ਬਣਾ ਕੇ ਦੇਣਾ ਸਮੇਂ ਦੀ ਮੰਗ ਹੈ ਜਿਸ ਦੇ ਵਿਚ ਅਪੰਗ ਔਰਤਾਂ, ਬੱਚਿਆਂ ਅਤੇ ਵਿਅਕਤੀਆਂ ਨੂੰ ਅੱਗੇ ਵਧਣ ਦੇ ਮੌਕੇ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੜ੍ਹਾਈ ਸਭ ਤੋਂ ਵੱਡਾ ਹਥਿਆਰ ਹੈ ਜੋ ਅਪੰਗ ਲੋਕਾਂ ਦੇ ਜੀਵਨ ਦੇ ਵਿਕਾਸ ਨੂੰ ਅੱਗੇ ਲੈ ਕੇ ਜਾ ਸਕਦਾ ਹੈ। ਇਸ ਪ੍ਰਤੀ ਸਾਡੇ ਸਮਾਜ ਵਿਚ ਜਾਗਰੂਕਤਾ ਦੀ ਬਹੁਤ ਕਮੀ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਜਿਹੇ ਲੋਕਾਂ ਨੂੰ ਮਾਨਸਿਕ ਤੌਰ `ਤੇ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਕੇ ਪੜ੍ਹਾਈ ਦਾ ਰਸਤਾ ਵਿਖਾਉਣ ਦੀ ਲੋੜ ਹੈ।

ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਜ ਵਿਗਿਆਨ ਵਿਭਾਗ ਵੱਲੋਂ ਕਰਵਾਏ ਗਏ ਇਕ ਰੋਜ਼ਾ ਸੈਮੀਨਾਰ ਸਮੇਂ ਮੁੱਖ ਮਹਿਮਾਨ ਦੇ ਤੌਰ `ਤੇ ਇਥੇ ਪੁੱਜੇ ਸਨ। ਉਨ੍ਹਾਂ ਦਾ ਇਥੇ ਆਉਣ `ਤੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਨਿੱਘਾ ਸਵਾਗਤ ਕੀਤਾ। ਸੈਮੀਨਾਰ ਦੀ ਕਨਵੀਨਰ ਡਾ. ਰਚਨਾ ਸ਼ਰਮਾ ਨੇ ਅਪੰਗ ਇਸਤਰੀਆਂ ਦੇ ਬਰਾਬਰੀ ਦੇ ਅਧਿਕਾਰ ਸਬੰਧੀ ਵਿਸ਼ੇ `ਤੇ ਸੈਮੀਨਾਰ ਕਰਵਾਉਣ ਦੇ ਮਕਸਦ ਤੋਂ ਜਾਣੂ ਕਰਵਾਇਆ। 

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਉਹ ਆਪਣੇ ਜੀਵਨ ਨੂੰ ਸੁਖਾਲਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਪੰਗਤਾ ਨੂੰ ਆਪਣੇ ਜੀਵਨ ਦੇ ਵਿਕਾਸ ਵਿਚ ਰੁਕਾਵਟ ਨਹੀਂ ਸਮਝਣਾ ਚਾਹੀਦਾ ਹੈ ਸਗੋਂ ਇਸ ਨੂੰ ਚੁਣੌਤੀ ਦੇ ਤੌਰ `ਤੇ ਲੈ ਕੇ ਆਪਣੇ ਮਿਥੇ ਟੀਚੇ `ਤੇ ਪਹੁੰਚਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਕਿਸੇ ਨਾ ਕਿਸੇ ਕਾਰਨ ਅਪੰਗ ਰਹੀਂਆਂ ਸਫਲ ਔਰਤਾਂ ਦੇ ਜੀਵਨ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਹੀ ਨਹੀਂ ਸਗੋਂ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦੇ ਵਿਕਾਸ ਵਿਚ ਵੀ ਅਹਿਮ ਰੋਲ ਅਦਾ ਕੀਤਾ ਹੈ।

ਡਾ. ਬਲਜੀਤ ਕੌਰ ਨੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਮੀਨਾਰ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸੈਂਟਰ ਫਾਰ ਸਟੱਡੀ ਆਫ ਸੋਸ਼ਲ ਸਿਸਟਮ ਤੋਂ ਪ੍ਰੋ. ਨੀਲਿਕਾ ਮਹਿਰੋਤਰਾ, ਪ੍ਰੋ. ਸੁਜਾਤਾ ਭਾਨ, ਸ਼੍ਰੀਮਤੀ ਸ਼ੰਪਾ ਸੇਨਗੁਪਤਾ, ਸ਼੍ਰੀ ਅਮਰਜੀਤ ਸਿੰਘ ਆਨੰਦ, ਡਾ. ਸਤਨਾਮ ਸਿੰਘ, ਪ੍ਰੋ. ਭੂਪ ਸਿੰਘ ਗੌੜ, ਡਾ. ਸੁਨੀਲ ਕੁਮਾਰ ਅਤੇ ਉੱਘੇ ਵਿਦਵਾਨ ਹਾਜ਼ਿਰ ਹੋਏ।

Spread the love

Leave a Reply

Your email address will not be published. Required fields are marked *

Back to top button