Punjab-ChandigarhTop News

ਸਿਹਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ

ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਸਿਹਤ ਮੰਤਰੀ ਸ: ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਵੱਖ-ਵੱਖ ਸਿਹਤ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕੀਤੀ।ਸ੍ਰੀ ਜੌੜਾਮਾਜਰਾ ਨੇ ਖੁਦ ਪਹਿਲਕਦਮੀ ਕਰਦਿਆਂ ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਇਹ ਮੀਟਿੰਗ ਬੁਲਾਈ ,ਤਾਂ ਜੋ ਉਹ ਉਨ੍ਹਾਂ ਦੇ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰ ਸਕਣ। ਇਸ ਮੀਟਿੰਗ ਵਿੱਚ ਮਾਸ ਮੀਡੀਆ ਐਂਪਲਾਈਜ਼ ਐਂਡ ਆਫੀਸਰਜ਼ ਐਸੋਸੀਏਸ਼ਨ, ਕੰਟਰੈਕਟ ਮਲਟੀਪਰਪਜ਼ ਹੈਲਥ ਕਰਮਚਾਰੀ ਯੂਨੀਅਨ, ਐਨਐਚਐਮ ਐਂਪਲਾਈਜ਼ ਯੂਨੀਅਨ ਪੰਜਾਬ, ਐਨਆਰਐਚਐਮ ਕਰਮਚਾਰੀ ਐਸੋਸੀਏਸ਼ਨ ਪੰਜਾਬ, ਆਰਬੀਐਸਕੇ ਕਰਮਚਾਰੀ ਐਸੋਸੀਏਸ਼ਨ, ਕੰਟਰੈਕਟ ਐਮਪੀਐਚਡਬਲਯੂ ਫੀਮੇਲ ਯੂਨੀਅਨ, 2211 ਕੰਟਰੈਕਟ ਐਮਪੀਐਚਡਬਲਯੂ ਫੀਮੇਲ ਐਸੋਸੀਏਸ਼ਨ, ਆਸ਼ਾ ਵਰਕਰਜ਼ ਯੂਨੀਅਨ ਅਤੇ ਆਸ਼ਾ ਵਰਕਰਜ਼ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਹੋਏ। 

ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਕਿਹਾ, “ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਸਾਡੇ ਸਿਹਤ ਕਰਮਚਾਰੀਆਂ ਦੇ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ ਨੂੰ ਜਲਦੀ ਹੱਲ ਕਰਨ ਦੀ ਲੋੜ ਹੈ। ਇਸ ਲਈ ਮੈਂ ਯੂਨੀਅਨ ਆਗੂਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਬੁਲਾਇਆ ਹੈ ਅਤੇ ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਅੰਦੋਲਨਾਂ ਦੇ ਰਾਹ ਤੇ ਤੁਰਨ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਅੱਗੇ ਕਿਹਾ “ਸਾਡੇ ਸਿਹਤ ਸਟਾਫ ਨੇ ਸੂਬੇ ਵਿੱਚ ਕੋਵਿਡ-19 ਨੂੰ ਕੰਟਰੋਲ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਹੈ, ਇਸ ਲਈ ਮੈਂ ਹਮੇਸ਼ਾ ਆਪਣੇ ਸਿਹਤ ਕਰਮਚਾਰੀਆਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕਰਦਾ ਹਾਂ।”

ਸ੍ਰੀ ਜੌੜਾਮਾਜਰਾ ਨੇ ਦੱਸਿਆ ਕਿ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਹੱਲ ਲਈ ਵਚਨਬੱਧ ਹੈ।

ਸ੍ਰੀ ਜੌੜਾਮਾਜਰਾ ਨੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੀਟਿੰਗ ਤੋਂ ਬਾਅਦ ਮਾਸ ਮੀਡੀਆ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਣਬੀਰ ਸਿੰਘ ਢੰਡੇ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਿਹਤ ਮੰਤਰੀ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਕਿ ਉਨ੍ਹਾਂ ਨੇ ਖੁਦ ਮੁਲਾਜ਼ਮ ਯੂਨੀਅਨਾਂ ਨੂੰ ਬੁਲਾਇਆ ਅਤੇ ਅਸੀਂ ਉਨ੍ਹਾਂ ਦੇ ਇਸ ਉਪਰਾਲੇ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਰੀਆਂ ਯੂਨੀਅਨਾਂ ਨੇ ਆਪਣੀਆਂ ਸ਼ਿਕਾਇਤਾਂ ਅਤੇ ਮੰਗਾਂ ਸਿਹਤ ਮੰਤਰੀ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਸਾਂਝੀਆਂ ਕੀਤੀਆਂ ਹਨ। ਸਾਨੂੰ ਉਮੀਦ ਹੈ ਕਿ ਮੌਜੂਦਾ ਸਰਕਾਰ ਸਰਕਾਰੀ ਕਰਮਚਾਰੀਆਂ ਦੇ ਹੱਕ ਵਿੱਚ ਨਵਾਂ ਇਤਿਹਾਸ ਰਚੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੋਏ ਸ਼ਰਮਾ, ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ, ਡਾ: ਅਭਿਨਵ ਤ੍ਰਿਖਾ, ਐਮ.ਡੀ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ, ਡਾ: ਰਣਜੀਤ ਸਿੰਘ ਘੋਤੜਾ, ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ: ਰਵਿੰਦਰਪਾਲ ਕੌਰ, ਡਾਇਰੈਕਟਰ, ਸਿਹਤ ਸੇਵਾਵਾਂ ਪੰਜਾਬ ਵੀ ਹਾਜ਼ਰ ਸਨ।     

Spread the love

Leave a Reply

Your email address will not be published. Required fields are marked *

Back to top button