Punjab-ChandigarhTop News

ਵਿੱਤੀ ਸਾਲ 2022-23 ਦੌਰਾਨ ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ

ਚੰਡੀਗੜ੍ਹ, 08 ਜੂਨ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਨੇ ਆਪਣੀ ਕਾਰਗੁਜ਼ਾਰੀ ਵਿੱਚ ਭਾਰੀ ਸੁਧਾਰ ਕਰਦਿਆਂ ਵਿੱਤੀ ਵਰ੍ਹੇ 2022-23 ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੁਆਰਾ ਸਹਾਇਤਾ ਪ੍ਰਾਪਤ ਚੱਲ ਰਹੇ ਪੇਂਡੂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 800 ਕਰੋੜ ਰੁਪਏ ਦੇ ਫੰਡਾਂ ਦੀ ਰਿਕਾਰਡ ਵਰਤੋਂ ਕੀਤੀ ।

ਇੱਥੇ ਪੰਜਾਬ ਭਵਨ ਵਿਖੇ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2022-2023 ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਉੱਚ-ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਅਤੇ ਨਾਬਾਰਡ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਪੰਜਾਬ ਰਾਜ ਲਈ ਹੁਣ ਤੱਕ ਦੇ ਸਭ ਤੋਂ ਵੱਧ 919 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਨਾਬਾਰਡ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਸੂਬੇ ਦੀ ਚੰਗੀ ਕਾਰਗੁਜ਼ਾਰੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਫੰਡਾਂ ਦੀ ਬੇਹਤਰੀਨ ਵਰਤੋਂ ਦੇ ਮੱਦੇਨਜ਼ਰ ਨਾਬਾਰਡ ਟੀਮ ਨੂੰ ਵਿੱਤੀ ਸਾਲ 2023-24 (ਆਰ.ਆਈ.ਡੀ.ਐਫ.-XXIX) ਦੇ ਨਵੇਂ ਪ੍ਰੋਜੈਕਟਾਂ ਲਈ ਰਾਜ ਦੀ ਅਲਾਟਮੈਂਟ ਨੂੰ ਵਧਾ ਕੇ 1500 ਕਰੋੜ ਰੁਪਏ ਕਰਨ ਦੀ ਅਪੀਲ ਕੀਤੀ । ਇਸ ਮੌਕੇ ਵਿੱਤ ਮੰਤਰੀ ਨੇ ਪੇਂਡੂ ਆਰਥਿਕਤਾ ਦੇ ਸਮੁੱਚੇ ਵਿਕਾਸ ਲਈ ਇਸ ਸਾਲ ਸੜਕਾਂ ਅਤੇ ਪੁਲ, ਸਿੰਚਾਈ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ, ਸਿੱਖਿਆ, ਨਵਿਆਉਣਯੋਗ ਊਰਜਾ, ਸਿਹਤ, ਹੁਨਰ ਵਿਕਾਸ, ਗੋਦਾਮਾਂ, ਬਾਗਬਾਨੀ ਅਤੇ ਭੂਮੀ ਸੰਭਾਲ ਆਦਿ ਖੇਤਰਾਂ ਦੇ ਪ੍ਰੋਜੈਕਟਾਂ ਲਈ ਪਹਿਲ ਦੇ ਆਧਾਰ ਤੇ ਫੰਡ ਦੇਣ ਦੀ ਲੋੜ ‘ਤੇ ਜੋਰ ਦਿੱਤਾ।

ਨਾਬਾਰਡ ਵੱਲੋਂ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਐਫ.ਡੀ.) ਤਹਿਤ ਪ੍ਰਾਪਤ ਫੰਡਾਂ ਨਾਲ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਨਾਬਾਰਡ ਤੋਂ ਉਪਲਬਧ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਗਤੀ ਨੂੰ ਤੇਜ਼ ਕਰਨ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਰਾਜ ਦੇ ਪੇਂਡੂ ਖੇਤਰ ਦੇ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਸ਼੍ਰੀ ਅਜੋਏ ਕੁਮਾਰ ਸਿਨ੍ਹਾ, ਸਕੱਤਰ ਵਿੱਤ ਸ਼੍ਰੀਮਤੀ ਗਰਿਮਾ ਸਿੰਘ, ਅਤੇ ਪ੍ਰਮੁੱਖ ਸਕੱਤਰਾਂ, ਸਕੱਤਰਾਂ, ਪ੍ਰਬੰਧਕੀ ਵਿਭਾਗਾਂ ਦੇ ਮੁਖੀਆਂ ਅਤੇ ਚੀਫ਼ ਜਨਰਲ ਮੈਨੇਜਰ ਸ੍ਰੀ ਰਘੂਨਾਥ ਬੀ. ਦੀ ਅਗਵਾਈ ਹੇਠ ਨਾਬਾਰਡ ਦੀ ਟੀਮ ਸ਼ਾਮਲ ਹੋਈ।

———–

Spread the love

Leave a Reply

Your email address will not be published. Required fields are marked *

Back to top button