ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰੇਸਮ ਮੰਗਲਾ ਵੱਲੋਂ 14 ਮਈ ਦੀ ਕੌਮੀ ਲੋਕ ਅਦਾਲਤ ਦੀਆਂ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 5 ਮਈ:
ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਆਗਾਮੀ 14 ਮਈ ਨੂੰ ਜ਼ਿਲ੍ਹੇ ‘ਚ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸੇ ਦੌਰਾਨ ਸ੍ਰੀ ਮੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਾਜ਼ੀਨਾਮਾ ਯੋਗ ਮਾਮਲੇ ਲੋਕ ਅਦਾਲਤ ਰਾਹੀਂ ਨਿਪਟਾਉਣ ਤਾਂ ਕਿ ਉਨ੍ਹਾਂ ਦਾ ਸਮਾਂ ਤੇ ਪੈਸਾ ਬਚ ਸਕੇ।
ਸੈਸ਼ਨਜ਼ ਜੱਜ ਸ੍ਰੀ ਤਰਸੇਮ ਮੰਗਲਾ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਜਸਟਿਸ ਤੇਜਿੰਦਰ ਸਿੰਘ ਢੀਡਸਾ ਦੇ ਦਿਸ਼ਾ ਨਿਰਦੇਸ਼ਾਂ ਹੇਠ 14 ਮਈ ਨੂੰ ਸੈਸ਼ਨ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਸ੍ਰੀ ਤਰਸੇਮ ਮੰਗਲਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ‘ਚ ਗ਼ੈਰ ਰਾਜ਼ੀਨਾਮਾ ਯੋਗ ਤੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਦੇ ਯੋਗ ਕੇਸ, ਰੱਖ-ਰਖਾਵ ਦੇ ਮਾਮਲੇ, ਚੈਂਕ ਬਾਊਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਤਲਾਕ ਨੂੰ ਛੱਡ ਕੇ ਵਿਆਹ ਸੰਬੰਧੀ ਝਗੜੇ, ਭੂਮੀ ਗ੍ਰਹਿਣ ਦੇ ਕੇਸ, ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ ਕੇਸ ਲਏ ਜਾਣਗੇ। ਕੌਮੀ ਲੋਕ ਅਦਾਲਤ ਲਈ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਜੁਡੀਸ਼ੀਅਲ ਬੈਂਚ ਗਠਿਤ ਹੋਣਗੇ।