2 ਅਪ੍ਰੈਲ ਨੂੰ ਪਹਿਲੇ ਨਰਾਤੇ ਤੇ ਅਗਲੇ ਸ਼ਨੀਵਾਰ ਨੂੰ ਕਾਲੀ ਮਾਤਾ ਮੰਦਿਰ ਰੋਡ ‘ਤੇ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ
ਪਟਿਆਲਾ, 30 ਮਾਰਚ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 2 ਅਪ੍ਰੈਲ ਨੂੰ ਨਵਰਾਤਰਿਆਂ ਦੀ ਸ਼ੁਭ-ਆਰੰਭਤਾ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ ‘ਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ 2 ਅਪ੍ਰੈਲ ਤੋਂ 10 ਅਪ੍ਰੈਲ ਤੱਕ ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ। ਉਨ੍ਹਾਂ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਇਸ ਲਈ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਨਵਰਾਤਰਿਆਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਬਤ ਸਬੰਧਤ ਪ੍ਰਬੰਧਕਾਂ ਨਾਲ ਇੱਕ ਮੀਟਿੰਗ ਵੀ ਕੀਤੀ।
ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਕਿਹਾ ਕਿ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ 2 ਅਪ੍ਰੈਲ ਦਿਨ ਸ਼ਨੀਵਾਰ ਅਤੇ ਇਸ ਤੋਂ ਅਗਲੇ ਸ਼ਨੀਵਾਰ 9 ਅਪ੍ਰੈਲ ਨੂੰ ਸ੍ਰੀ ਕਾਲੀ ਦੇਵੀ ਮੰਦਿਰ ਰੋਡ ‘ਤੇ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਰਹੇਗੀ ਅਤੇ ਇਸ ਲਈ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਪੀ. ਸਿਟੀ ਹਰਪਾਲ ਸਿੰਘ, ਮੈਨੇਜਰ ਨਵਨੀਤ ਟੰਡਨ ਅਤੇ ਹੋਰ ਪ੍ਰਬੰਧਕ ਮੌਜੂਦ ਸਨ।