ਕੇ.ਵੀ.ਕੇ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਦਾ ਲਗਾਇਆ ਪੰਜ ਰੋਜਾ ਸਿਖਲਾਈ ਕੋਰਸ
ਪਟਿਆਲਾ, 14 ਅਕਤੂਬਰ:
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਿੰਡ ਰਸੂਲਪੁਰ ਜੌੜਾਂ ਦੇ ਕਿਸਾਨਾਂ ਦਾ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪੰਜ ਦਿਨ ਦਾ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਵਰਗੇ ਵਿਸ਼ਿਆਂ ਉਤੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।
ਕੈਂਪ ਦੌਰਾਨ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਕਿਸਾਨਾਂ ਨੂੰ ਪਰਾਲੀ ਸਬੰਧੀ ਚੱਲ ਰਹੇ ਪ੍ਰੋਜੈਕਟ ਬਾਰੇ ਜਾਣਕਾਰੀ ਦਿੱਤੀ। ਸਹਿਯੋਗੀ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਡਾ. ਗੁਰਨਾਜ਼ ਸਿੰਘ ਗਿੱਲ ਨੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ। ਇਸ ਮੌਕੇ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਇਸ ਦੇ ਨਾਲ ਪਰਾਲੀ ਨਾਲ ਚਲਣ ਵਾਲੇ ਬਾਇਓਗੈਸ ਪਲਾਂਟ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।
ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ. ਰਚਨਾ ਸਿੰਗਲਾ ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਪ੍ਰੋਸੈਸਿੰਗ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਦੱਸਿਆ।
ਟ੍ਰੇਨਿੰਗ ਦੌਰਾਨ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਦੌਰਾ ਕਰਵਾਇਆ ਗਿਆ, ਜਿਸ ਦੌਰਾਨ ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ ਵਿਭਾਗ ਵੱਲੋਂ ਡਾ. ਅੰਕਿਤ ਸ਼ਰਮਾ ਤੇ ਹੋਰਨਾਂ ਵਿਗਿਆਨੀ ਨੇ ਵੱਖ-ਵੱਖ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਸਿਖਲਾਈ ਕੋਰਸ ਦੇ ਅੰਤ ਵਿੱਚ ਪਿੰਡ ਦੇ ਉੱਦਮੀ ਕਿਸਾਨ ਅਮੀਰ ਸਿੰਘ ਨੇ ਸਾਰਿਆ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਆਏ ਹੋਏ ਸਿੱਖਿਆਰਥੀਆਂ ਵੱਲੋਂ ਸੁਚੱਜੇ ਢੰਗ ਨਾਲ ਪਰਾਲੀ ਸੰਭਾਲਣ ਦਾ ਪ੍ਰਣ ਲਿਆ ਗਿਆ।